ਮੂਸੇਵਾਲਾ ਦੀ ਸੁਰੱਖਿਆ ਕਟੌਤੀ ਉਸਦੀ ਮੌਤ ਦਾ ਕਾਰਣ ਬਣਨ ਦੀ ਗੱਲ ਕਬੂਲਣ ਮਗਰੋਂ CM ’ਤੇ ਕਤਲ ਦਾ ਕੇਸ ਦਰਜ ਕੀਤਾ ਜਾਵੇ: ਮਜੀਠੀਆ

ਚੰਡੀਗੜ੍ਹ, 3 ਮਈ 2024: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਮੰਗ ਕੀਤੀ ਕਿ ਸੁਪਰੀਮ ਕੋਰਟ ਵਿਚ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਇਹ ਕਬੂਲਣ ਕਿ ਆਪ ਸਰਕਾਰ ਵੱਲੋਂ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿਚ ਕਟੌਤੀ ਹੀ ਉਸਦੀ ਮੌਤ ਦਾ ਕਾਰਣ ਬਣੀ, ਹੁਣ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਸਲਾਹਕਾਰ ਬਲਤੇਜ ਪੰਨੂ ਖਿਲਾਫ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਨੇ ਇਹ ਗੱਲ ਮੁੱਖ ਮੰਤਰੀ ਦੇ ਘਰ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ਖਿਲਾਫ ਸੁਪਰੀਮ ਕੋਰਟ ਵਿਚ ਪਾਈ ਪਟੀਸ਼ਨ ਦੀ ਸੁਣਵਾਈ ਦੌਰਾਨ ਕਬੂਲੀ ਹੈ।

ਅਕਾਲੀ ਆਗੂ ਨੇ ਕਿਹਾ ਕਿ ਸੂਬੇ ਦੇ ਐਡਵੋਕੇਟ ਜਨਰਲ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਵਾਪਸ ਲੈਣ ਦੇ ਦੋ ਦਿਨਾਂ ਦੇ ਅੰਦਰ-ਅੰਦਰ ਹੀ ਮਾਰ ਦਿੱਤਾ ਗਿਆ ਤੇ ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈਡਕੁਆਰਟਰ ’ਤੇ ਰਾਕੇਟ ਨਾਲ ਗ੍ਰਨੇਡ ਸੁੱਟ ਕੇ ਹਮਲਾ ਕੀਤਾ ਗਿਆ। ਉਹ ਇਹ ਦਲੀਲ ਦੇ ਰਹੇ ਸਨ ਕਿ ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਸੁਰੱਖਿਆ ਕਾਰਣਾਂ ਕਰ ਕੇ ਬੰਦ ਹੀ ਰਹਿਣ ਦਿੱਤੀ ਜਾਵੇ।

ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਲਈ ਮੁੱਖ ਮੰਤਰੀ ਅਤੇ ਇਸਦੀ ਜਾਣਕਾਰੀ ਜਨਤਕ ਕਰਨ ਲਈ ਮੁੱਖ ਮੰਤਰੀ ਦੇ ਸਲਾਹਕਾਰ ਬਲਤੇਜ ਪੰਨੂ ਦੋਵਾਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਹੁਣ ਤੱਕ ਮੂਸੇਵਾਲਾ ਦੇ ਮਾਪੇ ਅਤੇ ਆਮ ਪੰਜਾਬੀ ਜੋ ਗੱਲ ਕਹਿ ਰਹੇ ਸਨ, ਉਹ ਹੁਣ ਸਰਕਾਰੀ ਤੌਰ ’ਤੇ ਕਬੂਲ ਲਈ ਗਈ ਹੈ।

ਅਕਾਲੀ ਆਗੂ ਨੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੰਘਰਸ਼ ਕਰਨ ਤਾਂ ਜੋ ਮੂਸੇਵਾਲਾ ਲਈ ਨਿਆਂ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਕਿਹਾ ਕਿ ਮੁੱਖ ਮੰਤਰੀ ਨੇ ਨਾ ਸਿਰਫ ਮਰਹੂਮ ਗਾਇਕ ਦੀ ਸੁਰੱਖਿਆ ਵਿਚ ਕਟੌਤੀ ਸਗੋਂ ਖ਼ਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਜਿਸਦੇ ਗੈਂਗ ਨੇ ਮੂਸੇਵਾਲਾ ਦਾ ਕਤਲ ਕੀਤਾ, ਦੀ ਜੇਲ੍ਹ ਵਿਚੋਂ ਇੰਟਰਵਿਊ ਵੀ ਕਰਵਾਈ ਜਿਸ ਵਿਚ ਉਸਨੇ ਸ਼ਰ੍ਹੇਆਮ ਮੂਸੇਵਾਲਾ ਦਾ ਕਤਲ ਕਰਨ ਦੀ ਗੱਲ ਕਬੂਲੀ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਲਈ ਸਿਰਫ ਤੇ ਸਿਰਫ ਮੁੱਖ ਮੰਤਰੀ ਹੀ ਜ਼ਿੰਮੇਵਾਰ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਆਪ’ ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ

ਸ਼੍ਰੋਮਣੀ ਅਕਾਲੀ ਦਲ ਦੇ ਧਾਕੜ ਆਗੂ ਤਲਬੀਰ ਗਿੱਲ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਿਲ