ਜਲੰਧਰ, 31 ਜੁਲਾਈ 2025 – ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਸਤੀ ਸ਼ੇਖ ਦੇ ਘਾਹ ਮੰਡੀ ਚੌਂਕ ਨੇੜੇ ਬੁੱਧਵਾਰ ਰਾਤ ਇਕ ਜਿੰਮ ਦੇ ਬਾਹਰ ਕੁਝ ਨੌਜਵਾਨਾਂ ਵਿਚ ਖ਼ੂਨੀ ਟਕਰਾਅ ਹੋ ਗਿਆ। ਇਸ ਦੌਰਾਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ, ਜੋ ਕਾਲਾ ਸਿੰਘਾ ਰੋਡ ‘ਤੇ ਸਥਿਤ ਈਸ਼ਵਰ ਨਗਰ ਦਾ ਰਹਿਣ ਵਾਲਾ ਹੈ। ਉਹ ਮੂਲ ਰੂਪ ਨਾਲ ਪ੍ਰਵਾਸੀ ਸੀ ਅਤੇ ਕਤਲ ਕਰਨ ਵਾਲੇ ਵੀ ਪ੍ਰਵਾਸੀ ਹੀ ਹਨ।
ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਜਿੰਮ ਦੇ ਬਾਹਰ ਨੌਜਾਵਨਾਂ ਵਿਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਅਤੇ ਇਸੇ ਬਹਿਸ ਵਿਚਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਸਾਰੀ ਵਾਰਦਾਤ ਜਿਮ ਦੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਸ ਨੇ ਡੀ. ਵੀ. ਆਰ. ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਪੰਜ ਨੰਬਰ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਹਾ ਜਾ ਰਿਹਾ ਹੀ ਦੋਸ਼ੀਆਂ ਨੂੰ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ। ਕਤਲ ਦੀ ਸੂਚਨਾ ਮਿਲਦੇ ਹੀ ਥਾਣਾ 5 ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਸੀ. ਸੀ. ਟੀ. ਵੀ. ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ।

ਰਾਹੁਲ ਦੀ ਮਾਂ ਪ੍ਰਮਿਲਾ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਬਿਹਾਰ ਦੇ ਮੁਜ਼ੱਫਰਪੁਰ ਦੀ ਰਹਿਣ ਵਾਲੀ ਹੈ। ਉਸ ਨੇ ਕਿਹਾ ਕਿ ਰਾਹੁਲ ਉਸ ਦਾ 18 ਸਾਲਾ ਪੁੱਤਰ ਹੈ ਜੋ ਪੇਂਟਰ ਦਾ ਕੰਮ ਕਰਦਾ ਹੈ। ਕੁਝ ਲੋਕ ਉਸ ਨੂੰ ਕੱਲ੍ਹ ਸ਼ਾਮ 4 ਵਜੇ ਦੇ ਕਰੀਬ ਘਰੋਂ ਬੁਲਾ ਕੇ ਲੈ ਗਏ। ਇਸ ਤੋਂ ਬਾਅਦ ਰਾਤ ਨੂੰ ਲਗਭਗ 1 ਵਜੇ ਕੁਝ ਲੋਕ ਘਰ ਵਿੱਚ ਆਏ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਖ਼ੂਨ ਨਾਲ ਭਿੱਜੇ ਚਾਕੂ ਸਨ। ਉਨ੍ਹਾਂ ਨੇ ਆ ਕੇ ਘਰ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਘਰ ਖਾਲੀ ਕਰਨ ਲਈ ਲਲਕਾਰਨਾ ਸ਼ੁਰੂ ਕਰ ਦਿੱਤਾ। ਫਿਰ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਦੇ ਪੁੱਤਰ ਨੂੰ ਮਾਰ ਦਿੱਤਾ ਹੈ। ਮ੍ਰਿਤਕ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ ਕਤਲ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
