ਅੰਮਿ੍ਰਤਸਰ, 20 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।