CM ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ, ਪੜ੍ਹੋ ਹੋਰ ਕੀ-ਕੀ ਲਏ ਫੈਸਲੇ

ਚੰਡੀਗੜ੍ਹ, 13 ਮਾਰਚ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ, ਜੋ ਭਾਰਤੀ ਸੰਵਿਧਾਨ ਦੀ ਧਾਰਾ 174(1) ਤਹਿਤ ਸੂਬਾਈ ਅਸੈਂਬਲੀ ਦਾ ਸੈਸ਼ਨ ਸੱਦਣ ਲਈ ਅਧਿਕਾਰਤ ਹਨ, ਨੂੰ ਸੈਸ਼ਨ ਸੱਦਣ ਦੀ ਸਿਫ਼ਾਰਸ਼ ਕਰਨ ਦੀ ਸਹਿਮਤੀ ਦੇ ਦਿੱਤੀ। ਸੈਸ਼ਨ ਦੌਰਾਨ 25 ਮਾਰਚ ਨੂੰ ਰਾਜਪਾਲ ਦਾ ਸੰਬੋਧਨ ਹੋਵੇਗਾ, ਜਿਸ ਮਗਰੋਂ ਸੰਬੋਧਨ ਉਤੇ ਬਹਿਸ ਹੋਵੇਗੀ। ਵਿੱਤ ਮੰਤਰੀ 26 ਮਾਰਚ ਨੂੰ ਸਾਲ 2025-26 ਦਾ ਆਮ ਬਜਟ ਪੇਸ਼ ਕਰਨਗੇ, ਜਿਸ ਮਗਰੋਂ ਬਜਟ ਉਤੇ ਬਹਿਸ ਹੋਵੇਗੀ।

ਕਾਲਜ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਲਾਗੂ ਕਰਨ ਦੀ ਸਹਿਮਤੀ
ਕੈਬਨਿਟ ਨੇ ਵਿਦਿਆਰਥੀਆਂ ਦੇ ਅੰਗਰੇਜ਼ੀ ਸੰਚਾਰ ਹੁਨਰ ਵਿੱਚ ਸੁਧਾਰ ਕਰ ਕੇ ਉਨ੍ਹਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਵਧੇਰੇ ਯੋਗ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਬ੍ਰਿਟਿਸ਼ ਕਾਊਂਸਿਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ ਨਾਲ ਕੀਤੇ ਸਮਝੌਤੇ (ਐਮ.ਓ.ਯੂ.) ਨੂੰ ਪੰਜਾਬ ਟਰਾਂਸਪੇਰੈਂਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ 2019 ਦੀ ਧਾਰਾ 63(1) ਤੋਂ ਛੋਟ ਦੇਣ ਦੀ ਮਨਜ਼ੂਰੀ ਦੇ ਦਿੱਤੀ। ਇਸ ਐਮ.ਓ.ਯੂ. ਦੇ ਨਿਯਮ ਤੇ ਸ਼ਰਤਾਂ ਦੀ ਰੌਸ਼ਨੀ ਵਿੱਚ ਅਗਲੇ ਦੋ ਵਿੱਤੀ ਵਰ੍ਹਿਆਂ 2025-26 ਅਤੇ 2026-27 ਲਈ ‘ਇੰਗਲਿਸ਼ ਫਾਰ ਵਰਕ’ ਕੋਰਸ ਜਾਰੀ ਰੱਖਣ ਲਈ ਇਸ ਛੋਟ ਨੂੰ ਵਿਧਾਨ ਸਭਾ ਦੇ ਆਗਾਮੀ ਸੈਸ਼ਨ ਵਿੱਚ ਰੱਖਿਆ ਜਾਵੇਗਾ। ਇਸ ਪਹਿਲਕਦਮੀ ਨਾਲ ਹਰੇਕ ਸਾਲ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿੱਚ ਤਕਰੀਬਨ ਪੰਜ ਹਜ਼ਾਰ ਵਿਦਿਆਰਥੀਆਂ ਨੂੰ ਲਾਭ ਹੋ ਰਿਹਾ ਹੈ। ਇਹ ਛੋਟ ਇਸ ਸਕੀਮ ਨੂੰ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਚੱਲਣ ਅਤੇ ਵਿਦਿਆਰਥੀਆਂ ਨੂੰ ਲਾਭ ਪਹੁੰਚਣਾ ਯਕੀਨੀ ਬਣਾਏਗੀ।

ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ ਖੁੱਲ੍ਹਣਗੇ 40 ਹੁਨਰ ਸਿੱਖਿਆ ਸਕੂਲ
ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਵਿੱਚ 40 ਹੁਨਰ ਸਿੱਖਿਆ ਸਕੂਲ (ਸਕੂਲ ਆਫ਼ ਅਪਲਾਇਡ ਲਰਨਿੰਗ) ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਦਰਵਾਜ਼ੇ ਖੁੱਲ੍ਹਣਗੇ। ਇਸ ਫੈਸਲੇ ਮੁਤਾਬਕ ਸੂਬੇ ਵਿੱਚ ਤਕਰੀਬਨ 32 ਕਰੋੜ ਰੁਪਏ ਦੀ ਲਾਗਤ ਨਾਲ 40 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚ ਬੈਂਕਿੰਗ, ਵਿੱਤੀ ਸੇਵਾਵਾਂ ਤੇ ਬੀਮਾ, ਡਿਜੀਟਲ ਡਿਜ਼ਾਇਨ ਤੇ ਡਿਵੈਲਪਮੈਂਟ, ਬਿਊਟੀ ਤੇ ਵੈਲਨੈੱਸ ਤੇ ਸਿਹਤ ਸੰਭਾਲ ਵਿਗਿਆਨਾਂ ਤੇ ਸਰਵਿਸਜ਼ ਖ਼ੇਤਰਾਂ ਬਾਰੇ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਰਜ ਵਿਹਾਰਕ ਅੰਗਰੇਜ਼ੀ, ਕਰੀਅਰ ਫਾਊਂਡੇਸ਼ਨ (ਪ੍ਰੋਫੈਸ਼ਨਲਿਜ਼ਮ, ਸੀ.ਵੀ. ਕ੍ਰਿਏਸ਼ਨ, ਸਾਫਟ ਸਕਿੱਲਜ਼ ਤੇ ਪ੍ਰੋਫੈਸ਼ਨਲ ਡਿਵੈਲਪਮੈਂਟ) ਅਤੇ ਰੋਜ਼ਾਨਾ ਜੀਵਨ ਵਿੱਚ ਤਕਨਾਲੋਜੀ (ਈ-ਮੇਲ ਰਾਈਟਿੰਗ, ਕ੍ਰਿਏਟਿੰਗ ਵਰਕ ਪਲਾਨ ਅਤੇ ਡਿਜੀਟਲ ਟੂਲਜ਼ ਦੀ ਵਰਤੋਂ) ਬਾਰੇ ਕੋਰਸ ਵੀ ਸ਼ੁਰੂ ਕੀਤੇ ਜਾਣਗੇ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਦਿੱਤੀ ਪ੍ਰਵਾਨਗੀ
ਮੰਤਰੀ ਮੰਡਲ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀਆਂ ਸਾਲ 2022-23 ਅਤੇ 2023-24 ਦੀਆਂ ਸਾਲਾਨਾ ਪ੍ਰਬੰਧਕੀ ਰਿਪੋਰਟਾਂ ਨੂੰ ਮਨਜ਼ੂਰੀ ਦੇ ਦਿੱਤੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ: ਬਰਿੰਦਰ ਕੁਮਾਰ ਗੋਇਲ