ਚੰਡੀਗੜ੍ਹ, 14 ਅਗਸਤ 2025 – ਸਰਕਾਰ ਅਤੇ ਮੈਨੇਜਮੈਂਟ ਨਾਲ ਹੋਈ ਮੀਟਿੰਗ ਬੇਸਿੱਟਾ ਰਹਿਣ ’ਤੇ ਪੰਜਾਬ ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਅੱਜ 14 ਅਗਸਤ ਨੂੰ ਮੁੜ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਅੱਜ ਸੂਬੇ ਭਰ ’ਚ ਸਰਕਾਰੀ ਬੱਸਾਂ ਦੀਆਂ ਬੰਦ ਰਹਿਣਗੀਆਂ।
ਅੱਜ ਤੋਂ ਪੰਜਾਬ ’ਚ 14 ਅਗਸਤ ਤੋਂ ਸਰਕਾਰੀ ਬੱਸਾਂ ਦੀ ਪੂਰੀ ਤਰ੍ਹਾਂ ਹੜਤਾਲ ਹੈ, ਜਿਸ ਕਾਰਨ ਹਜ਼ਾਰਾਂ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ ਚੱਕਾ ਜਾਮ ਦਾ ਐਲਾਨ ਕੀਤਾ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਚਲੇ ਗਏ ਹਨ।
ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੁੱਖ ਮੰਗਾਂ ਜਿਵੇਂ ਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨਾ, ਠੇਕੇਦਾਰ ਪ੍ਰਣਾਲੀ ਖ਼ਤਮ ਕਰਨਾ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸਬੰਧੀ ਅਜੇ ਤੱਕ ਕੋਈ ਪੱਕਾ ਫ਼ੈਸਲਾ ਜਾਂ ਲਿਖਤੀ ਭਰੋਸਾ ਨਹੀਂ ਦਿੱਤਾ। ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ 15 ਅਗਸਤ ਨੂੰ ਜਿੱਥੇ-ਜਿੱਥੇ ਮੁੱਖ ਮੰਤਰੀ ਜਾਂ ਕੈਬਨਿਟ ਮੰਤਰੀ ਝੰਡਾ ਲਹਿਰਾਉਣਗੇ, ਉੱਥੇ ਉਹ ਕਾਲੇ ਚੋਲੇ ਪਾ ਕੇ ਵਿਰੋਧ ਕਰਨਗੇ। ਪਨਬਸ/ਪੀ. ਆਰ. ਟੀ. ਸੀ. ਮੁਲਾਜ਼ਮ ਯੂਨੀਅਨ ਦੀ ਸਰਕਾਰ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਇਸ ਤੋਂ ਬਾਅਦ ਯੂਨੀਅਨ ਵੱਲੋਂ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

