ਸੰਗਰੂਰ, 24 ਮਈ 2022 – ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਤੋਂ ਹੋਣ ਵਾਲੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੀਆਂ ਚਰਚਾਵਾਂ ਹੁਣ ਤੋਂ ਤੇਜ਼ ਹੋਣ ਲੱਗ ਗਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਉਮੀਦਵਾਰ ਬਣਾ ਸਕਦੀ ਹੈ। ਉਹ ਪਿਛਲੇ ਕੁਝ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਹਨ। ਸੰਗਰੂਰ ਲੋਕ ਸਭਾ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕ ਸਭਾ ਮੈਂਬਰੀ ਤੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਭਾਜਪਾ ਦੀ ਤਰਫੋਂ ਚੋਣ ਲੜ ਸਕਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮਨਪ੍ਰੀਤ ਕੌਰ ਕਾਫੀ ਸਰਗਰਮ ਸੀ। ਉਨ੍ਹਾਂ ਭਾਈ ਭਗਵੰਤ ਮਾਨ ਲਈ ਜ਼ੋਰਦਾਰ ਪ੍ਰਚਾਰ ਕੀਤਾ ਅਤੇ ਚੋਣ ਮੁਹਿੰਮ ਨੂੰ ਸੰਭਾਲਿਆ। ਉਹ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਕਾਫੀ ਸਰਗਰਮ ਸੀ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਭਗਵੰਤ ਮਾਨ ਦੀ ਧੂਰੀ ਸੀਟ ਦੀ ਜ਼ਿੰਮੇਵਾਰੀ ਨਿਭਾਈ ਸੀ। ਮਾਨ ਉਦੋਂ ਸੂਬੇ ਭਰ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਅਤੇ ਉਨ੍ਹਾਂ ਦੀ ਭੈਣ ਸਿਰਫ਼ ਧੂਰੀ ‘ਤੇ ਹੀ ਕੇਂਦਰਿਤ ਸੀ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੂੰ ਉਮੀਦਵਾਰ ਬਣਾਏ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ ‘ਤੇ ਮਨਪ੍ਰੀਤ ਕੌਰ ਨੇ ਐਤਵਾਰ ਨੂੰ ਕਿਹਾ ਸੀ ਕਿ ਪਾਰਟੀ ਅਤੇ ਜਨਤਾ ਤੈਅ ਕਰੇਗੀ ਕਿ ਕੌਣ ਉਮੀਦਵਾਰ ਹੋਵੇਗਾ ? ਉਹ ਲੰਮੇ ਸਮੇਂ ਤੋਂ ਇਲਾਕੇ ਵਿੱਚ ਸਿਆਸੀ ਤੌਰ ’ਤੇ ਘੁੰਮ ਰਹੀ ਸੀ। ਜਦੋਂ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਮਗਰ ਦੀ ਗੱਲ ਹੈ। ਪਾਰਟੀ ਦਾ ਜੋ ਵੀ ਫੈਸਲਾ ਹੋਵੇਗਾ ਸਭ ਨੂੰ ਪ੍ਰਵਾਨ ਹੋਵੇਗਾ। ਬੀਬੀ ਮਨਪ੍ਰੀਤ ਕੌਰ ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਈਕਲ ਰੈਲੀ ਵਿੱਚ ਸ਼ਾਮਲ ਹੋਣ ਲਈ ਸੰਗਰੂਰ ਪੁੱਜੇ ਸਨ।