ਚੰਡੀਗੜ੍ਹ, 2 ਜੁਲਾਈ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਨਡੀਏ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਦੀ ਸੰਭਾਵਨਾ ਹੈ। ਕੈਪਟਨ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਭਾਜਪਾ ਵਿੱਚ ਰਲੇਵਾਂ ਕਰਨ ਦੀਆਂ ਤਿਆਰੀਆਂ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ। ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਚੰਗੇ ਸਬੰਧ ਹਨ। ਕਿਹਾ ਜਾ ਰਿਹਾ ਹੈ ਕਿ ਪਾਰਟੀ ਦੇ ਰਲੇਵੇਂ ਨਾਲ ਹੀ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਹੋ ਸਕਦਾ ਹੈ।
ਕੈਪਟਨ ਇਸ ਸਮੇਂ ਇਲਾਜ ਲਈ ਲੰਡਨ ‘ਚ ਹਨ। ਉਹਨਾਂ ਦੀ ਸਰਜਰੀ ਹੋਈ ਹੈ। ਉਹ ਇਸ ਮਹੀਨੇ ਦੇ ਦੂਜੇ ਹਫ਼ਤੇ ਪੰਜਾਬ ਪਰਤਣਗੇ। ਦੇਸ਼ ਦੇ ਮੌਜੂਦਾ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਦਾ ਕਾਰਜਕਾਲ 11 ਅਗਸਤ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ 6 ਅਗਸਤ ਨੂੰ ਉਪ ਰਾਸ਼ਟਰਪਤੀ ਦੀ ਚੋਣ ਹੋਣੀ ਹੈ। ਇਸ ਦੇ ਲਈ 5 ਜੁਲਾਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ 19 ਜੁਲਾਈ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ।
ਭਾਜਪਾ ਕੈਪਟਨ ਦੀ ਮਦਦ ਨਾਲ ਪੰਜਾਬ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਹਰ ਬਾਜ਼ੀ ਖੇਡ ਰਹੀ ਹੈ, ਖਾਸ ਕਰਕੇ ਸਿੱਖ ਕੌਮ ਨਾਲ ਨੇੜਤਾ ਵਧਾਉਣ ਲਈ। ਪ੍ਰਧਾਨ ਮੰਤਰੀ ਮੋਦੀ ਸਿੱਖ ਸ਼ਖ਼ਸੀਅਤਾਂ ਨੂੰ ਮਿਲ ਰਹੇ ਹਨ। ਇਸ ਦੇ ਨਾਲ ਹੀ ਲਾਲ ਕਿਲ੍ਹੇ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਉਤਸਵ ਵੀ ਮਨਾਇਆ ਗਿਆ।
ਕੈਪਟਨ ਪੰਜਾਬ ਦਾ ਸਿਆਸੀ ਆਗੂ ਹੈ। ਉਹ ਸ਼ਹਿਰਾਂ ਤੋਂ ਲੈ ਕੇ ਪਿੰਡਾਂ ਤੱਕ ਹਰ ਥਾਂ ਜਾਣਿਆ-ਪਛਾਣਿਆ ਲੀਡਰ ਹੈ। ਇਸ ਲਈ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਦੀ ਮਦਦ ਨਾਲ ਪੰਜਾਬ ਦੀਆਂ 13 ਸੀਟਾਂ ‘ਤੇ ਭਾਜਪਾ ਦੀ ਨਜ਼ਰ ਹੈ। ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਕਾਰਨ ਸਿੱਖ ਭਾਜਪਾ ਤੋਂ ਨਾਰਾਜ਼ ਹਨ।
ਕੈਪਟਨ ਅਮਰਿੰਦਰ ਸਿੰਘ ਦੋ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ। ਉਨ੍ਹਾਂ ਦਾ ਕਾਰਜਕਾਲ ਸਾਢੇ 9 ਸਾਲ ਦਾ ਸੀ। ਪਿਛਲੇ ਸਾਲ ਚੋਣਾਂ ਤੋਂ 3 ਮਹੀਨੇ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤਾ ਸੀ। ਕੈਪਟਨ ਨੇ ਪੰਜਾਬ ਲੋਕ ਕਾਂਗਰਸ ਦੇ ਨਾਂ ਨਾਲ ਨਵੀਂ ਪਾਰਟੀ ਬਣਾਈ ਹੈ। ਫਿਰ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੇ ਪਰ ਆਪਣੇ ਉਮੀਦਵਾਰ ਦੇ ਨਾਲ-ਨਾਲ ਕੈਪਟਨ ਆਪ ਵੀ ਹਾਰ ਗਏ। ਭਾਜਪਾ ਨੂੰ ਵੀ ਸਿਰਫ਼ 2 ਸੀਟਾਂ ਮਿਲੀਆਂ ਹਨ। ਉਂਜ, ਇਸ ਹਾਰ ਨੂੰ ਪੰਜਾਬ ਦੇ ਲੋਕਾਂ ਦੀ ਰਵਾਇਤੀ ਪਾਰਟੀਆਂ ਤੋਂ ਬਦਲਣ ਦੀ ਇੱਛਾ ਨਾਲ ਜੋੜਿਆ ਜਾ ਰਿਹਾ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਨੂੰ ਉਪ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਾਉਣ ਦੇ ਸਵਾਲ ‘ਤੇ ਕਿਹਾ ਕਿ ਇਹ ਫੈਸਲਾ ਕੇਂਦਰੀ ਲੀਡਰਸ਼ਿਪ ਨੇ ਲੈਣਾ ਹੈ। ਹਾਲਾਂਕਿ ਉਨ੍ਹਾਂ ਨੇ ਇਸ ਤੋਂ ਵੀ ਇਨਕਾਰ ਨਹੀਂ ਕੀਤਾ।