ਹੁਸ਼ਿਆਰਪੁਰ, 11 ਅਕਤੂਬਰ 2022 – ਸ਼੍ਰੋਮਣੀ ਅਕਾਲੀ ਦਲ (ਬਾਦਲ) ’ਤੇ ਦੋਹਰਾ ਸੰਵਿਧਾਨ ਰੱਖਣ ਦੇ ਮਾਮਲੇ ਵਿੱਚ ਸੋਮਵਾਰ ਨੂੰ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਰੁਪਿੰਦਰ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੁਣਵਾਈ ਦੌਰਾਨ ਪੇਸ਼ੀ ਤੋਂ ਰਾਹਤ ਮਿਲੀ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਵੀ ਪੇਸ਼ੀ ਤੋਂ ਛੋਟ ਦੇ ਮਾਮਲੇ ਦੀ ਸੁਣਵਾਈ ਹੋਣੀ ਸੀ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਸਕੱਤਰ ਡਾ.ਦਲਜੀਤ ਸਿੰਘ ਚੀਮਾ ਸੋਮਵਾਰ ਨੂੰ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਹਾਜ਼ਰ ਸਨ। ਪਟੀਸ਼ਨਰ ਬਲਵੰਤ ਸਿੰਘ ਖੇੜਾ ਵੱਲੋਂ ਪੇਸ਼ ਹੋਏ ਐਡਵੋਕੇਟ ਬੀ.ਐਸ.ਰਿਆੜ ਨੇ ਮੀਡੀਆ ਨੂੰ ਦੱਸਿਆ ਕਿ ਹੁਣ ਅਦਾਲਤ ਵਿੱਚ 19 ਅਕਤੂਬਰ ਨੂੰ ਬਹਿਸ ਹੋਵੇਗੀ। ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਦੇ ਜਨਰਲ ਸਕੱਤਰ ਡਾ: ਦਲਜੀਤ ਸਿੰਘ ਚੀਮਾ ਅਤੇ ਮੁਖੀ ਸੁਖਬੀਰ ਸਿੰਘ ਬਾਦਲ ਅਦਾਲਤ ਤੋਂ ਜ਼ਮਾਨਤ ਲੈ ਚੁੱਕੇ ਹਨ।