ਨਵੀਂ ਦਿੱਲੀ: 11 ਅਕਤੂਬਰ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਪੰਜ ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਹ ਸੁਰੱਖਿਆ ਸਰਕਾਰ ਨੇ ਆਈਬੀ ਦੀ ਰਿਪੋਰਟ ਦੇ ਆਧਾਰ ‘ਤੇ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦੇ ਮੱਦੇਨਜ਼ਰ ਇਹ ਸੁਰੱਖਿਆ ਮੁਹੱਈਆ ਕਰਵਾਈ ਹੈ। ਪੰਜਾਬ ਵਿੱਚ ਅਪਰਾਧੀਆਂ ਦੀ ਵੱਧ ਰਹੀ ਘੁਸਪੈਠ ਵੀ ਸੁਰੱਖਿਆ ਦੇਣ ਦਾ ਵੱਡਾ ਕਾਰਨ ਹੈ। ਸਾਬਕਾ ਮੁੱਖ ਮੰਤਰੀ ਹੋਣ ਦੇ ਨਾਤੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਉੱਚ ਸੁਰੱਖਿਆ ਦੇ ਘੇਰੇ ਵਿੱਚ ਹਨ।
ਗ੍ਰਹਿ ਮੰਤਰਾਲੇ ਨੇ ਪੰਜਾਬ ਭਾਜਪਾ ਵਿੱਚ ਸ਼ਾਮਲ ਹੋਏ ਅਮਰੀਕ ਸਿੰਘ ਆਲੀਵਾਲ, ਹਰਚੰਦ ਕੌਰ, ਪ੍ਰੇਮ ਮਿੱਤਲ, ਹਰਜਿੰਦਰ ਸਿੰਘ ਠੇਕੇਦਾਰ ਅਤੇ ਕਮਲਦੀਪ ਸੈਣੀ ਨੂੰ ਵਾਈ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਹੈ। ਇਹ ਸਾਰੇ ਆਗੂ ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਭਾਜਪਾ ਵਿੱਚ ਸ਼ਾਮਲ ਹੋਏ ਸਨ। ਆਈਬੀ ਨੇ ਕੇਂਦਰੀ ਮੰਤਰਾਲੇ ਨੂੰ ਇਨ੍ਹਾਂ ਆਗੂਆਂ ਵੱਲੋਂ ਮਿਲ ਰਹੀਆਂ ਧਮਕੀਆਂ ਦੇ ਆਧਾਰ ‘ਤੇ ਸੁਰੱਖਿਆ ਵਧਾਉਣ ਦੀ ਸਿਫ਼ਾਰਸ਼ ਕੀਤੀ ਸੀ।