- ਕਿਹਾ ਕੇਂਦਰ ਸਰਕਾਰ ਨੇ ਚਲਾਕੀ ਨਾਲ SYL ਨੂੰ ਸਿੱਖਾਂ ਦਾ ਮੁੱਦਾ ਬਣਾਇਆ,
ਅੰਮ੍ਰਿਤਸਰ, 17 ਅਕਤੂਬਰ 2023 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਅਤੇ ਸ੍ਰੀ ਦਮਦਮਾ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਭੜਕੇ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੋਈ ਵੀ ਸਰਕਾਰ ਗੰਭੀਰ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਡਿਬੇਟ ਬੁਲਾਉਣ ਦੇ ਮੁੱਦੇ ‘ਤੇ ਵੀ ਸਲਾਹ ਦਿੱਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਐਸਵਾਈਐਲ ਨਹਿਰ ਅਤੇ ਪਾਣੀਆਂ ਦਾ ਮੁੱਦਾ ਸਾਰੇ ਪੰਜਾਬੀਆਂ ਦਾ ਹੈ। ਇਸ ਵਿੱਚ ਹਰ ਧਰਮ, ਭਾਵੇਂ ਉਹ ਹਿੰਦੂ, ਮੁਸਲਮਾਨ, ਬੋਧੀ ਹੋਵੇ, ਅੱਗੇ ਆਉਣਾ ਚਾਹੀਦਾ ਹੈ। ਕੇਂਦਰ ਸਰਕਾਰ ਨੇ ਬੜੀ ਚਲਾਕੀ ਨਾਲ ਇਸ ਨੂੰ ਸਿੱਖ ਮੁੱਦਾ ਬਣਾ ਦਿੱਤਾ ਹੈ ਤਾਂ ਜੋ ਮਾਹੌਲ ਖਰਾਬ ਕੀਤਾ ਜਾ ਸਕੇ। ਪਾਣੀਆਂ ਦੇ ਮੁੱਦੇ ‘ਤੇ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਵੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਿਬੇਟ ਉਨ੍ਹਾਂ ਵੱਲੋਂ ਕੀਤੀ ਜਾਂਦੀ ਹੈ ਜੋ ਸੱਤਾ ਤੋਂ ਬਾਹਰ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੂੰ ਸਖ਼ਤ ਕਦਮ ਚੁੱਕ ਕੇ ਪੰਜਾਬ ਦੇ ਹੱਕਾਂ ਲਈ ਡਟਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਪ੍ਰਤੀ ਕੋਈ ਵੀ ਸਰਕਾਰ ਜਾਂ ਪਾਰਟੀ ਗੰਭੀਰ ਨਹੀਂ ਹੈ ਅਤੇ ਨਾ ਹੀ ਮੌਜੂਦਾ ਸਰਕਾਰ ਗੰਭੀਰ ਹੈ। ਚਿੰਤਾ ਦੀ ਗੱਲ ਹੈ ਕਿ ਨਸ਼ਾ ਹਰ ਪਿੰਡ ਵਿੱਚ ਪਹੁੰਚ ਚੁੱਕਾ ਹੈ। ਉਨ੍ਹਾਂ ਪਿੰਡਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਨਸ਼ੇ ਨੂੰ ਰੋਕਣ ਲਈ ਹਿੰਮਤ ਦਿਖਾ ਰਹੇ ਹਨ ਪਰ ਸਰਕਾਰ ਇਸ ਮਾਮਲੇ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਉਨ੍ਹਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਪੀਸੀ) ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ’ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਡੇਰਾ ਪ੍ਰੇਮੀ ਐਚਐਸਜੀਪੀਸੀ ਚੋਣਾਂ ਲਈ ਵੋਟਾਂ ਬਣਾ ਰਹੇ ਹਨ। ਇਹ ਸੋਚੀ-ਸਮਝੀ ਸਾਜ਼ਿਸ਼ ਦੇ ਹਿੱਸੇ ਵਜੋਂ ਹੋ ਰਿਹਾ ਹੈ। ਫਾਰਮ ‘ਤੇ ਵੋਟਿੰਗ ਦੀਆਂ ਸ਼ਰਤਾਂ ਸਪੱਸ਼ਟ ਤੌਰ ‘ਤੇ ਲਿਖੀਆਂ ਹੋਣੀਆਂ ਚਾਹੀਦੀਆਂ ਹਨ। ਇਸ ਦੇ ਨਾਲ ਹੀ ਇਹ ਵੋਟਾਂ ਸਿੱਖ ਮਰਿਆਦਾ ਅਨੁਸਾਰ ਪਾਈਆਂ ਜਾਣ।