- IMD ਦੀ ਭਵਿੱਖਬਾਣੀ – 25 ਤੋਂ 50% ਤੱਕ ਹੋਵੇਗੀ ਬਾਰਿਸ਼
ਚੰਡੀਗੜ੍ਹ, 22 ਅਕਤੂਬਰ 2023 – ਮੌਸਮ ਵਿਭਾਗ ਨੇ ਐਤਵਾਰ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ ਪਰ ਇਹ ਮੀਂਹ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫੀਸਦੀ ਹੈ। ਆਉਣ ਵਾਲੇ ਦਿਨਾਂ ‘ਚ ਮੌਸਮ ਆਮ ਵਾਂਗ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਇਲਾਕਿਆਂ ‘ਚ ਰੁਕ-ਰੁਕ ਕੇ ਬੱਦਲ ਛਾਏ ਰਹਿਣਗੇ, ਜਦਕਿ ਮੌਸਮ ਵੀ ਸੁਹਾਵਣਾ ਰਹਿਣ ਦੀ ਉਮੀਦ ਹੈ।
ਮੌਸਮ ਵਿਭਾਗ ਮੁਤਾਬਕ ਐਤਵਾਰ ਤੋਂ ਬਾਅਦ ਅਗਲੇ 5 ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਧੁੱਪ ਨਿਕਲੇਗੀ। ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਜ਼ਿਆਦਾ ਨਜ਼ਰ ਨਹੀਂ ਆਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।