- ਪੱਛਮੀ ਮਾਲਵੇ ਨੂੰ ਛੱਡ ਕੇ ਸੂਬੇ ‘ਚ ਬੱਦਲਵਾਈ ਹੋ ਸਕਦੀ ਹੈ ਬਰਸਾਤ
- ਫਰੀਦਕੋਟ ਦਾ ਤਾਪਮਾਨ 40 ਦੇ ਨੇੜੇ ਪਹੁੰਚ ਗਿਆ
ਚੰਡੀਗੜ੍ਹ, 26 ਸਤੰਬਰ 2024 – ਪੰਜਾਬ ਵਿੱਚ ਅੱਜ (ਵੀਰਵਾਰ ਨੂੰ) ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਕੱਲ੍ਹ 31 ਮਿਲੀਮੀਟਰ ਦੇ ਕਰੀਬ ਮੀਂਹ ਪਿਆ। ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਵੀ ਹਲਕੀ ਬਾਰਿਸ਼ ਵੀ ਹੋਈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਵਿੱਚ ਔਸਤਨ 0.7 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ 39.5 ਡਿਗਰੀ, ਬਠਿੰਡਾ ਵਿੱਚ 37.9 ਡਿਗਰੀ, ਲੁਧਿਆਣਾ ਵਿੱਚ 36.3 ਡਿਗਰੀ ਅਤੇ ਅੰਮ੍ਰਿਤਸਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਮੀਂਹ ਤੋਂ ਬਾਅਦ ਤਾਪਮਾਨ ‘ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਪਰ ਫਿਰ ਵੀ ਤਾਪਮਾਨ 36.2 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 4.3 ਡਿਗਰੀ ਵੱਧ ਹੈ।
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ‘ਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਅੰਮਿ੍ਤਸਰ, ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ।
ਮੌਨਸੂਨ ਟ੍ਰਾਫ ਦੇ ਆਮ ਸਥਿਤੀ ਤੋਂ ਦੱਖਣ ਵੱਲ ਵਧਣ ਅਤੇ ਨਮੀ ਵਾਲੀਆਂ ਹਵਾਵਾਂ ਵਿੱਚ ਕਮੀ ਕਾਰਨ ਮਾਨਸੂਨ ਦੀ ਗਤੀਵਿਧੀ ਵਿੱਚ ਕਮੀ ਦੇ ਕਾਰਨ 28 ਸਤੰਬਰ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰ-ਪੱਛਮੀ ਹਵਾ ਕਾਰਨ ਦਿਨ ਦੇ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਇਸ ਦੇ ਨਾਲ ਹੀ ਵਾਯੂਮੰਡਲ ਵਿੱਚ ਨਮੀ ਦੀ ਮਾਤਰਾ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।