- 8 ਮਹੀਨਿਆਂ ਤੋਂ ਸੀ ਫਰਾਰ
ਚੰਡੀਗੜ੍ਹ, 19 ਮਾਰਚ 2024 – ਚੰਡੀਗੜ੍ਹ ਪੁਲੀਸ ਦਾ ਹੈੱਡ ਕਾਂਸਟੇਬਲ ਪਵਨ ਕੁਮਾਰ ਜੋ ਪਿਛਲੇ ਅੱਠ ਮਹੀਨਿਆਂ ਤੋਂ ਭਗੌੜਾ ਸੀ, ਨੂੰ ਸੀ.ਬੀ.ਆਈ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਸੀਬੀਆਈ ਨੇ ਮੁਲਜ਼ਮ ਪਵਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਸੋਮਵਾਰ ਨੂੰ ਦੋਸ਼ੀ ਪਵਨ ਫਿਰ ਤੋਂ ਡਿਊਟੀ ਜੁਆਇਨ ਕਰਨ ਲਈ ਅਧਿਕਾਰੀਆਂ ਕੋਲ ਗਿਆ ਸੀ ਪਰ ਡਿਊਟੀ ਜੁਆਇਨ ਕਰਨ ਦੀ ਬਜਾਏ ਇਸ ਦੀ ਸੂਚਨਾ ਸੀਬੀਆਈ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸੀਬੀਆਈ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਪਵਨ ਨੂੰ ਗ੍ਰਿਫਤਾਰ ਕਰ ਲਿਆ।
ਸੀਬੀਆਈ ਨੇ ਮੁਲਜ਼ਮ ਹੈੱਡ ਕਾਂਸਟੇਬਲ ਪਵਨ ਨੂੰ ਗ੍ਰਿਫ਼ਤਾਰ ਕਰਨ ਲਈ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ ਪਰ ਕੋਈ ਸੁਰਾਗ ਨਹੀਂ ਮਿਲਿਆ। ਇਸ ਤੋਂ ਬਾਅਦ ਮੁਲਜ਼ਮ ਪਵਨ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਸੀਬੀਆਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ।
ਇਸ ਤੋਂ ਬਾਅਦ ਮੁਲਜ਼ਮ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਹਾਈ ਕੋਰਟ ਨੇ ਜ਼ਮਾਨਤ ਦਿੰਦੇ ਹੋਏ ਕਿਹਾ ਸੀ ਕਿ ਉਸ ਨੂੰ ਸੀਬੀਆਈ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ, ਪਰ ਮੁਲਜ਼ਮ ਪਵਨ ਜਾਂਚ ਵਿੱਚ ਸ਼ਾਮਲ ਨਹੀਂ ਹੋਇਆ।
ਰਾਮ ਦਰਬਾਰ ਵਾਸੀ ਦੀਪਕ ਉਰਫ਼ ਦੀਪਾ ਨੇ ਮਾਮਲੇ ਦੀ ਸ਼ਿਕਾਇਤ ਸੀਬੀਆਈ ਨੂੰ ਕੀਤੀ ਸੀ ਅਤੇ ਦੋਸ਼ ਲਾਇਆ ਸੀ ਕਿ ਹੈੱਡ ਕਾਂਸਟੇਬਲ ਪਵਨ ਉਸ ਨੂੰ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 7 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ। ਸ਼ਿਕਾਇਤਕਰਤਾ ਨੇ ਤਤਕਾਲੀ ਆਪ੍ਰੇਸ਼ਨ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਿੰਦਰ ਸਿੰਘ ਸੇਖੋਂ ’ਤੇ ਵੀ ਦੋਸ਼ ਲਾਏ ਸਨ ਪਰ ਸੀਬੀਆਈ ਨੂੰ ਇੰਸਪੈਕਟਰ ਸਿੱਖੋ ਖ਼ਿਲਾਫ਼ ਕੋਈ ਸਬੂਤ ਨਹੀਂ ਮਿਲਿਆ, ਜਿਸ ਕਰਕੇ ਉਸ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ।
ਦੀਪਕ ਦੀ ਸ਼ਿਕਾਇਤ ‘ਤੇ ਸੀਬੀਆਈ ਨੇ ਪਵਨ ਤੋਂ ਇਲਾਵਾ ਮਨੀਸ਼ ਦੂਬੇ ਅਤੇ ਅਨਿਲ ਗੋਇਲ ਉਰਫ਼ ਕੋਕੀ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।ਸੀਬੀਆਈ ਨੇ ਜਾਲ ਵਿਛਾ ਕੇ ਮਨੀਸ਼ ਅਤੇ ਕੋਕੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਸੀ ਜਦੋਂਕਿ ਪਵਨ ਮੌਕੇ ਤੋਂ ਫਰਾਰ ਹੋ ਗਿਆ ਸੀ।