ਚੰਡੀਗੜ੍ਹ, 15 ਮਾਰਚ 2024 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਇਸ ਵਾਰ ਲੋਕ ਸਭਾ ਚੋਣ ਨਹੀਂ ਲੜਨਗੇ। ਸੂਤਰਾਂ ਅਨੁਸਾਰ ਉਨ੍ਹਾਂ ਇਸ ਬਾਰੇ ਪਾਰਟੀ ਹਾਈਕਮਾਂਡ ਨੂੰ ਜਾਣੂ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੇ ਲੋਕ ਸਭਾ ਚੋਣ ਨਾ ਲੜਨ ਦੇ ਫੈਸਲੇ ਪਿੱਛੇ ਪਰਿਵਾਰਕ ਕਾਰਨਾਂ ਦਾ ਹਵਾਲਾ ਦਿੱਤਾ ਹੈ। ਇਸ ਦੇ ਨਾਲ ਹੀ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਟਿਕਟ ਮਿਲ ਸਕਦੀ ਹੈ।
ਇਸ ਦੇ ਨਾਲ ਹੀ ਕਾਂਗਰਸ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਉਮੀਦਵਾਰ ਬਣਾ ਸਕਦੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਅਲੱਗ-ਅਲੱਗ ਚੋਣਾਂ ਲੜ ਰਹੀਆਂ ਹਨ। ਜਦੋਂ ਕਿ ਦਿੱਲੀ ਅਤੇ ਗੁਜਰਾਤ ਵਿੱਚ ਪਾਰਟੀ ਇਕੱਠੇ ਚੋਣ ਲੜ ਰਹੀ ਹੈ।
ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਰਿਵਾਰਕ ਕਾਰਨਾਂ ਕਰਕੇ ਲੋਕ ਸਭਾ ਚੋਣ ਲੜਨ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਦੇ ਇਨਕਾਰ ਤੋਂ ਬਾਅਦ ਸਵਾਲ ਇਹ ਹੈ ਕਿ ਉਨ੍ਹਾਂ ਦੀ ਜਗ੍ਹਾ ਟਿਕਟ ਕਿਸ ਨੂੰ ਦਿੱਤੀ ਜਾਵੇਗੀ। ਸਾਲ 2017 ਵਿੱਚ, ਸਿੱਧੂ ਨੇ ਭਾਜਪਾ ਨਾਲ ਆਪਣੀ ਪਾਰੀ ਖਤਮ ਕੀਤੀ ਅਤੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਉਹ 2009 ਅਤੇ 2014 ਦੀਆਂ ਚੋਣਾਂ ਵਿੱਚ ਦੋ ਵਾਰ ਅੰਮ੍ਰਿਤਸਰ ਸੀਟ ਤੋਂ ਸੰਸਦ ਮੈਂਬਰ ਰਹੇ।
ਚਰਨਜੀਤ ਸਿੰਘ ਚੰਨੀ ਦਾ ਨਾਂ ਲਗਭਗ ਤੈਅ
ਕਾਂਗਰਸ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣਾ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਸੂਤਰਾਂ ਮੁਤਾਬਕ ਉਨ੍ਹਾਂ ਦਾ ਨਾਂ ਲਗਭਗ ਤੈਅ ਹੋ ਚੁੱਕਾ ਹੈ ਅਤੇ ਪਾਰਟੀ ਹਾਈਕਮਾਂਡ ਇਸ ਸਬੰਧੀ ਜਲਦ ਹੀ ਕੋਈ ਐਲਾਨ ਕਰ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਜਲੰਧਰ ਸੀਟ ਤੋਂ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ ‘ਚ ਉਤਾਰ ਕੇ ਪੂਰੀ ਤਰ੍ਹਾਂ ਦੋਆਬਾ ਖੇਤਰ ‘ਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੀ ਹੈ। ਇਸ ਖੇਤਰ ਦੇ ਕਰੀਬ 42 ਫੀਸਦੀ ਵੋਟਰ ਦਲਿਤ ਭਾਈਚਾਰੇ ਦੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੀ ਜਾ ਸਕਦੀ ਹੈ।