ਬਾਗ਼ਬਾਨੀ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਚੇਤਨ ਜੌੜਾਮਾਜਰਾ ਵੱਲੋਂ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

  • ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਤੋਂ ਲਈ ਜ਼ਮੀਨੀ ਪੱਧਰ ਦੀ ਜਾਣਕਾਰੀ
  • ਅਧਿਕਾਰੀਆਂ ਨੂੰ ਨਵੇਂ ਪ੍ਰਾਜੈਕਟ ਉਲੀਕ ਕੇ ਛੇਤੀ ਤੋਂ ਛੇਤੀ ਰਿਪੋਰਟ ਕਰਨ ਦੀ ਹਦਾਇਤ

ਚੰਡੀਗੜ੍ਹ, 28 ਨਵੰਬਰ 2023 – ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਾਗ਼ਬਾਨੀ ਦੇ ਖੇਤਰ ਵਿੱਚ ਸੂਬੇ ਨੂੰ ਮੂਹਰਲੀ ਕਤਾਰ ਵਿੱਚ ਲਿਆਉਣ ਦੇ ਮਨਸ਼ੇ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ।

ਆਪਣੀ ਸਰਕਾਰੀ ਰਿਹਾਇਸ਼ ਵਿਖੇ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਅਤੇ ਕਪੂਰਥਲਾ ਦੇ ਡਿਪਟੀ ਡਾਇਰੈਕਟਰਾਂ ਨਾਲ ਜ਼ਿਲ੍ਹਾਵਾਰ ਮੀਟਿੰਗ ਕਰਦਿਆਂ ਧਰਾਤਲ ਪੱਧਰ ‘ਤੇ ਵਿਭਾਗ ਦੀ ਕਾਰਗੁਜ਼ਾਰੀ, ਪ੍ਰਗਤੀ, ਅਪਗ੍ਰੇਡੇਸ਼ਨ ਅਤੇ ਦਰਪੇਸ਼ ਮੁਸ਼ਕਲਾਂ ਦੀ ਜਾਣਕਾਰੀ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਤੋਂ ਜਿੱਥੇ ਵਿਕਾਸ ਲਈ ਨਵੀਆਂ ਸਕੀਮਾਂ ਦੇ ਸਕੋਪ ਸਬੰਧੀ ਸੁਝਾਅ ਲਏ, ਉਥੇ ਮੌਜੂਦਾ ਸਕੀਮਾਂ ਨੂੰ ਲਾਗੂ ਕਰਨ ਵਿੱਚ ਦਰਪੇਸ਼ ਮੁਸ਼ਕਲਾਂ ਦਾ ਤੁਰੰਤ ਹੱਲ ਕੱਢਣ ਲਈ ਵੀ ਕਿਹਾ।

ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਨਵੇਂ ਪ੍ਰਾਜੈਕਟ ਉਲੀਕਣ ਅਤੇ ਇਸ ਸਬੰਧੀ ਰਿਪੋਰਟ ਛੇਤੀ ਤੋਂ ਛੇਤੀ ਉਨ੍ਹਾਂ ਦੇ ਦਫ਼ਤਰ ਵਿੱਚ ਦਾਖ਼ਲ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਰਕਾਰੀ ਨਰਸਰੀਆਂ ‘ਚ ਤਿਆਰ ਕੀਤੇ ਬੂਟਿਆਂ, ਖ਼ਰਚ ਅਤੇ ਆਮਦਨ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਵਾਸਤੇ ਫ਼ਾਇਦੇਮੰਦ ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਸੂਬੇ ਵਿੱਚ ਲਾਗੂ ਕਰਨ ਸਬੰਧੀ ਵਿਉਂਤਬੰਦੀ ਉਲੀਕਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਵਿਕਾਸ ਸੈਂਟਰ/ਇਨਕਿਊਬੇਸ਼ਨ ਸੈਂਟਰ ਅਤੇ ਸਬ-ਸੈਂਟਰ ਬਣਾਉਣ ਨਾਲ ਸੂਬੇ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕਦਾ ਹੈ, ਇਸ ਲਈ ਇਸ ਖੇਤਰ ਵਾਸਤੇ ਵੀ ਸਕੀਮਾਂ ਤਿਆਰ ਕੀਤੀਆਂ ਜਾਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਰਸਾਣੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਕੇ ਮੰਡੀਕਰਨ ਅਤੇ ਪ੍ਰੋਸੈਸਿੰਗ ਦੇ ਵੱਧ ਤੋਂ ਵੱਧ ਪ੍ਰਾਜੈਕਟ ਤਿਆਰ ਕੀਤੇ ਜਾਣ।

ਜ਼ਿਲ੍ਹਾ ਦਫ਼ਤਰਾਂ ਵਿੱਚ ਸਟਾਫ਼ ਦੀ ਘਾਟ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਵਿੱਚ ਵੱਖ-ਵੱਖ ਆਸਾਮੀਆਂ ਦੀ ਤੁਰੰਤ ਭਰਤੀ ਕਰਨ ਸਬੰਧੀ ਪਿਛਲੇ ਸਮੇਂ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਵਿਭਾਗ ਵਿੱਚ ਬਾਗ਼ਬਾਨੀ ਵਿਕਾਸ ਅਫ਼ਸਰਾਂ, ਬੇਲਦਾਰਾਂ/ਮਾਲੀਆਂ ਅਤੇ ਚੌਕੀਦਾਰਾਂ ਦੀਆਂ ਲਗਭਗ 350 ਆਸਾਮੀਆਂ ਦੀ ਭਰਤੀ ਦੀ ਪ੍ਰਕਿਰਿਆ ਛੇਤੀ ਸ਼ੁਰੂ ਕੀਤੀ ਜਾਵੇਗੀ।

ਅਗਲੇ ਪੜਾਵਾਂ ਤਹਿਤ ਜ਼ਿਲ੍ਹਾ ਜਲੰਧਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਰੋਪੜ ਦੀ ਮੀਟਿੰਗ 29 ਨਵੰਬਰ ਨੂੰ ਰੱਖੀ ਗਈ ਹੈ ਜਦਕਿ ਜ਼ਿਲ੍ਹਾ ਐਸ.ਏ.ਐਸ ਨਗਰ, ਮਾਨਸਾ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 5 ਦਸੰਬਰ ਨੂੰ ਅਤੇ ਜ਼ਿਲ੍ਹਾ ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਲੁਧਿਆਣਾ, ਮੋਗਾ ਤੇ ਫ਼ਰੀਦਕੋਟ ਦੀ ਮੀਟਿੰਗ 6 ਦਸੰਬਰ ਨੂੰ ਉਲੀਕੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਧਾਨ ਸਭਾ ਸ਼ੈਸਨ ਦੌਰਾਨ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਜ਼ੋਰਦਾਰ ਵਿਰੋਧ

ਉੱਤਰਕਾਸ਼ੀ ਸੁਰੰਗ ਤੋਂ ਸਾਰੇ 41 ਮਜ਼ਦੂਰਾਂ ਨੂੰ ਕੱਢਿਆ ਬਾਹਰ, ਪੀਐਮ ਮੋਦੀ ਨੇ ਫੋਨ ‘ਤੇ ਗੱਲ ਕੀਤੀ