ਬੁੱਢੇ ਦਰਿਆ ਦੀ ਸਫ਼ਾਈ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ – ਮੀਤ ਹੇਅਰ

  • ਵਾਤਾਵਰਣ ਮੰਤਰੀ ਨੇ ਬੁੱਢਾ ਦਰਿਆ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
  • ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਂਚੇਵਾਲ ਨੇ ਐਸ.ਟੀ.ਪੀਜ਼ ਨੂੰ ਸਮੇਂ ਸਿਰ ਮੁਕੰਮਲ ਕਰਨ ‘ਤੇ ਦਿੱਤਾ ਜ਼ੋਰ

ਲੁਧਿਆਣਾ, 12 ਜੁਲਾਈ 2022 – ਪੰਜਾਬ ਦੇ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਸ.ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅੱਜ ਬੁੱਢਾ ਦਰਿਆ ਦੇ ਚੱਲ ਰਹੇ ਕਾਇਆ ਕਲਪ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਤੋਂ ਇਲਾਵਾ ਨਗਰ ਨਿਗਮ, ਸੀਵਰੇਜ ਬੋਰਡ, ਪੀ.ਪੀ.ਸੀ.ਬੀ. ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬੁੱਢਾ ਦਰਿਆ ਦੀ ਸਫ਼ਾਈ ਲਈ ਕੀਤੇ ਜਾ ਰਹੇ ਸਾਰੇ ਕੰਮਾਂ ਵਿੱਚ ਤੇਜ਼ੀ ਲਿਆਉਣ।

ਜਮਾਲਪੁਰ ਟਰੀਟਮੈਂਟ ਪਲਾਂਟ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਬੁੱਢਾ ਦਰਿਆ ਦੀ ਸਫ਼ਾਈ ਨੂੰ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਪ੍ਰਾਜੈਕਟ ਦੀ ਨਿਯਮਤ ਤੌਰ ‘ਤੇ ਸਮੀਖਿਆ ਕਰਨਗੇ ਤਾਂ ਜੋ ਕੰਮ ਨੂੰ ਸਮੇਂ ਤੋਂ ਪਹਿਲਾਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬੁੱਢਾ ਦਰਿਆ ਦੇ ਕਾਇਆ ਕਲਪ ਪ੍ਰਾਜੈਕਟ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਲਈ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਮਾਲਪੁਰ ਵਿਖੇ 225 ਐਮ.ਐਲ.ਡੀ. ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਕੰਮ ਵੀ ਇਸ ਸਾਲ ਦਸੰਬਰ ਤੱਕ ਹਰ ਹੀਲੇ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ.

ਕੈਬਨਿਟ ਮੰਤਰੀ ਨੇ ਕਿਹਾ ਕਿ ਬੁੱਢਾ ਦਰਿਆ ਕਾਇਆ ਕਲਪ ਪ੍ਰਾਜੈਕਟ ਤਹਿਤ ਕੁੱਲ ਸਮਰੱਥਾ ਵਾਲੇ 285 ਐਮ.ਐਲ.ਡੀ. (ਜਮਾਲਪੁਰ 225 ਐਮ.ਐਲ.ਡੀ. ਅਤੇ ਬੱਲੋਕੇ 60 ਐਮ.ਐਲ.ਡੀ.) ਦੇ ਘਰੇਲੂ ਪਾਣੀ ਨੂੰ ਟਰੀਟ ਕਰਨ ਲਈ ਦੋ ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.), ਮੌਜੂਦਾ ਐਸ.ਟੀ.ਪੀ.} ਦਾ ਮੁੜ ਵਸੇਬਾ, ਤਾਜਪੁਰ ਅਤੇ ਹੈਬੋਵਾਲ ਦੇ ਦੋ ਡੇਅਰੀ ਕੰਪਲੈਕਸ ਤੋਂ ਗੰਦੇ ਪਾਣੀ ਨੂੰ ਸ਼ੁੱਧ ਕਰਨ ਲਈ ਟ੍ਰੀਟਮੈਂਟ ਪਲਾਂਟ (ਈ.ਟੀ.ਪੀ.), 6 ਇੰਟਰਮੀਡੀਏਟ ਪੰਪਿੰਗ ਸਟੇਸ਼ਨ ਅਤੇ 10 ਕਿਲੋਮੀਟਰ ਪਾਈਪ ਲਾਈਨ ਵਿਛਾਉਣ ਦਾ ਕੰਮ ਜੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ।

ਸ੍ਰੀ ਹੇਅਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਾਤਾਵਰਨ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਉਹ ਪੰਜਾਬ ਨੂੰ ਸਾਫ਼ ਸੁਥਰਾ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਰਾਜ ਸਭਾ ਮੈਂਬਰ ਅਤੇ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਬੁੱਢਾ ਦਰਿਆ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਾਇਆ ਕਲਪ ਪ੍ਰਾਜੈਕਟ ਤਹਿਤ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬੁੱਢਾ ਦਰਿਆ ਦੇ ਆਲੇ ਦੁਆਲੇ ਸਾਰੇ ਕਬਜ਼ੇ ਜਲਦ ਹਟਾਉਣ ਲਈ ਵੀ ਕਿਹਾ।

ਇਸ ਦੌਰਾਨ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਨੇੜਲੇ ਖੇਤਰਾਂ ਦੇ ਘਰੇਲੂ ਕੂੜੇ ਦੇ ਪ੍ਰਬੰਧਨ ਲਈ ਐਸ.ਟੀ.ਪੀ. ਸਥਾਪਤ ਕਰਨ ‘ਤੇ ਵੀ ਗੌਰ ਕਰਨਾ ਚਾਹੀਦਾ ਹੈ।

ਬਾਅਦ ਵਿੱਚ, ਕੈਬਨਿਟ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਤਾਜਪੁਰ ਰੋਡ ‘ਤੇ 50 ਐਮ.ਐਲ.ਡੀ. ਕਾਮਨ ਫਲੂਐਂਟ ਟ੍ਰੀਟਮੈਂਟ ਪਲਾਂਟ (ਸੀ.ਈ.ਟੀ.ਪੀ.) ਦਾ ਵੀ ਦੌਰਾ ਕੀਤਾ।

ਇਸ ਮੌਕੇ ਪੰਜਾਬ ਮਿਉਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ.ਐਮ.ਆਈ.ਡੀ.ਸੀ.) ਦੀ ਸੀ.ਈ.ਓ ਈਸ਼ਾ ਕਾਲੀਆ, ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਕਮਿਸ਼ਨਰ ਨਗਰ ਨਿਗਮ ਡਾ. ਸ਼ੇਨਾ ਅਗਰਵਾਲ ਅਤੇ ਹੋਰ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੱਤਾ ’ਚ ਰਹਿੰਦਿਆ ਅਕਾਲੀ-ਭਾਜਪਾ ਤੇ ਕਾਂਗਰਸ ਨੇ ਪੰਜਾਬ ਦੀ ਪਿੱਠ ’ਚ ਮਾਰਿਆ ਛੁਰਾ : ਆਪ

ਮੁਹੱਲਾ ਕਲੀਨਿਕ 15 ਅਗਸਤ ਤੋਂ ਕਾਰਜਸ਼ੀਲ ਹੋਣਗੇ: ਚੇਤਨ ਸਿੰਘ ਜੌੜਾਮਾਜਰਾ