ਚੰਡੀਗੜ੍ਹ, 17 ਜਨਵਰੀ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।