ਚੰਡੀਗੜ੍ਹ, 9 ਜੁਲਾਈ 2024 – ਚੰਡੀਗੜ੍ਹ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਘਰਸ਼ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ੁਭਕਰਨ ਦੀ ਭੈਣ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਿਸਾਨਾਂ ਨੇ 12 ਜੁਲਾਈ ਨੂੰ ਬਠਿੰਡਾ ਵਿਖੇ ਹੋਣ ਵਾਲਾ ਧਰਨਾ ਰੱਦ ਕਰ ਦਿੱਤਾ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ‘ਤੇ ਲਿਖਦਿਆਂ ਕਿਹਾ ਕਿ, “ਕਿਸਾਨੀ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ ਸੀ.. ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਮੁਲਾਕ਼ਾਤ ਕੀਤੀ… ਵਾਅਦੇ ਮੁਤਾਬਕ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ…”
21 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਸ਼ੁਭਕਰਨ ਅਤੇ ਉਸਦੇ ਸਾਥੀ ਦਿੱਲੀ ਵੱਲ ਵਧਣ ਲੱਗੇ, ਪਰ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ ਅਤੇ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਗੋਲੀਆਂ ਵੀ ਚਲਾਈਆਂ ਗਈਆਂ। ਸਰਕਾਰ ਦੀ ਕਾਰਵਾਈ ਨੂੰ ਦੇਖਦੇ ਹੋਏ ਕਿਸਾਨ ਤਾਂ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ। ਇਸ ਦੌਰਾਨ ਸ਼ੁਭਕਰਨ ਦੇ ਸਿਰ ਦੇ ਪਿੱਛੇ ਗੋਲੀ ਲੱਗੀ। ਜਿਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।