CM ਮਾਨ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

  • ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ
  • ਸੂਬੇ ਦੀ ਹਰੇਕ ਪੰਚਾਇਤ ਨੂੰ ਟਰੈਕਟਰ ਦੇਣ ਲਈ ਸਕੀਮ ਸ਼ੁਰੂ ਕਰਨ ਦਾ ਐਲਾਨ

ਲੁਧਿਆਣਾ, 2 ਅਗਸਤ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।

ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਕ ਕਲਿਆਣਕਾਰੀ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਨਾਅਹਿਲ ਅਤੇ ਭ੍ਰਿਸ਼ਟ ਨੇਤਾਵਾਂ ਕਾਰਨ ਲੋਕਾਂ ਦਾ ਸੂਬੇ ਦੀ ਸਿਆਸੀ ਲੀਡਰਸ਼ਿਪ ਵਿਚ ਭਰੋਸਾ ਗੁਆਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਉਨ੍ਹਾਂ ਵਿਚ ਬਹੁਤ ਵਿਸ਼ਵਾਸ ਪ੍ਰਗਟ ਕੀਤਾ ਜਿਸ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਕਾਸ ਉਤੇ ਜ਼ੋਰ ਦੇ ਕੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸੂਬੇ ਵਿਚ ਸੜਕ ਹਾਦਸਿਆਂ ਕਾਰਨ ਹੁੰਦੀਆਂ ਮੌਤਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਫੈਸਲਾ ਕੀਤਾ ਤਾਂ ਕਿ ਸੂਬੇ ਦੀਆਂ ਸੜਕਾਂ ਉਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ 14 ਮਨੁੱਖੀ ਜਾਨਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗਸ਼ਤ ਰਾਹੀਂ ਅਜਿਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਜਿਸ ਕਰਕੇ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਇਸ ਫੋਰਸ ਨੂੰ ਗਲਤ ਢੰਗ ਨਾਲ ਗੱਡੀ ਚਲਾਉਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦਾ ਜ਼ਿੰਮਾ ਸੌਂਪਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਹਿਰ ਦੀ ਸਫਾਈ ਤੇ ਹੋਰ ਕਾਰਜਾਂ ਲਈ ਲੁਧਿਆਣਾ ਨਗਰ ਨਿਗਮ ਲਈ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸੈਕਟਰਾਂ ਉਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਦਮ ਚੁੱਕੇ ਜਾਣਾ ਬਹੁਤ ਜ਼ਰੂਰੀ ਹਨ ਤਾਂ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿਚ ਨੌਜਵਾਨਾਂ ਕੋਲ ਅਥਾਹ ਸਮਰੱਥਾ ਹੈ ਜਿਸ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਮੁਲਕ ਦੇ ਆਰਥਿਕ-ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਵਿਚ ਹਰੇਕ ਚੁਣੌਤੀ ਦਾ ਡਟ ਮੁਕਾਬਲਾ ਕਰਨ ਦੀ ਦਾ ਜਜ਼ਬਾ ਹੈ ਜਿਸ ਕਰਕੇ ਪੰਜਾਬੀ ਹਰੇਕ ਮੈਦਾਨ ਫਤਹਿ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ, ਸੰਤ-ਮਹਾਤਮਾ, ਦੇਵੀ-ਦੇਵਤਿਆਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਬਹਾਦਰ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਬਰ, ਬੇਇਨਸਾਫੀ ਅਤੇ ਦਮਨ ਦੀ ਹਮੇਸ਼ਾ ਜ਼ੋਰਦਾਰ ਮੁਖਲਾਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼, ਸਰਹੱਦਾਂ ਦੀ ਰਾਖੀ, ਅਨਾਜ ਉਤਪਾਦਨ ਵਿਚ ਮੁਲਕ ਨੂੰ ਸਵੈ-ਨਿਰਭਰ ਬਣਾਉਣ, ਏਕਤਾ ਤੇ ਅਖੰਡਤਾ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਪੰਜਾਬੀਆਂ ਲਾਮਿਸਾਲ ਯੋਗਦਾਨ ਪਾਇਆ ਹੈ।
ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੇ ਹੋਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

AAP ਨੇ ਹੋਸਟਲ ਫ਼ੀਸ ‘ਤੇ GST ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਕੀਤਾ ਵਿਰੋਧ

ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ