ਮਾਨਸਾ, 3 ਜੂਨ 2022 – ਪੰਜਾਬ ਦੇ CM ਭਗਵੰਤ ਮਾਨ ਨੇ ਮਰਹੂਮ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲੇ ਦੇ ਘਰ ਪਹੁੰਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਜਲਦ ਕਤਲ ਦੇ ਦੋਸ਼ੀਆਂ ਨੂੰ ਫੜਿਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਕੀਮਤ ‘ਤੇ ਨਹੀਂ ਬਖ਼ਸ਼ਾਂਗੇ, ਉਹਨਾਂ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਕਾਫਲਾ ਮੂਸਾ ਪਿੰਡ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚ ਚੁੱਕਾ ਹੈ। ਪੂਰਾ ਪਿੰਡ ਛਾਉਣੀ ‘ਚ ਤਬਦੀਲ ਹੋ ਗਿਆ ਹੈ। ਇਸ ਦੌਰਾਨ ਪੁਲਸ ਨੇ ਚੇਨ ਬਣਾ ਕੇ ਮੀਡੀਆ ਨੂੰ ਦੂਰ ਰੱਖਿਆ ਹੋਇਆ ਹੈ।
ਇਸ ਤੋਂ ਪਹਿਲਾਂ ਸਵੇਰੇ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਭਗਵੰਤ ਮਾਨ ਦਾ ਵਿਰੋਧ ਕੀਤਾ। ਲੋਕਾਂ ਨੇ ਦੋਸ਼ ਲਾਇਆ ਸੀ ਕਿ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਸੁਰੱਖਿਆ ਈ ਸਖ਼ਤ ਕਰ ਦਿੱਤੀ ਗਈ ਕਿ ਲੋਕਾਂ ਨੂੰ ਪਿੰਡ ਅੰਦਰ ਵੜਨ ਨਹੀਂ ਦੱਤਾ ਜਾ ਰਿਹਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 8 ਵਜੇ ਪਹੁੰਚਣਾ ਸੀ ਪਰ ਮੂਸੇ ਪਿੰਡ ਦੀ ਸਥਿਤੀ ਨੂੰ ਦੇਖਦੇ ਹੋਏ ਇਸ ਵਿੱਚ ਦੇਰੀ ਹੋਈ। ਇਸ ਤੋਂ ਪਹਿਲਾਂ ਪਿੰਡ ਮੂਸੇ ਵਿਖੇ ਪੁੱਜੇ ‘ਆਪ’ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਵਿਧਾਇਕ ਨੇ ਹੱਥ ਜੋੜ ਕੇ ਲੋਕਾਂ ਤੋਂ ਮੁਆਫੀ ਮੰਗੀ ਸੀ।