ਚੰਡੀਗੜ੍ਹ, 4 ਅਪ੍ਰੈਲ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਤਲਬ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਵੀ ਅਨਾਜ ਦੀ ਖਰੀਦ ਸਬੰਧੀ ਪ੍ਰਬੰਧਾਂ ਨੂੰ ਲੈ ਕੇ ਨਾਖੁਸ਼ੀ ਪ੍ਰਗਟਾਈ ਹੈ। ਮਾਨ ਦਾ ਕਹਿਣਾ ਹੈ ਕਿ ਕੁਝ ਮੁੱਖ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਹਾਲਾਤ ਖ਼ਰਾਬ ਹਨ। ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਵਿੱਚ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਲਈ ਅਧਿਕਾਰੀਆਂ ਨੇ ਦਾਣਾ ਮੰਡੀਆਂ ਵਿੱਚ ਮੁਕੰਮਲ ਪ੍ਰਬੰਧਾਂ ਦਾ ਦਾਅਵਾ ਵੀ ਕੀਤਾ ਹੈ। ਹਾਲਾਂਕਿ ਅਜੇ ਤੱਕ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਨਾਲ ਨਹੀਂ ਪੁੱਜੀ ਹੈ। ਸਰਕਾਰ ਦਾ ਦਾਅਵਾ ਹੈ ਕਿ ਕਿਸਾਨਾਂ ਨੂੰ 24 ਘੰਟਿਆਂ ਦੇ ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ। ਪੰਜਾਬ ‘ਚ 10 ਅਪ੍ਰੈਲ ਤੋਂ ਬਾਅਦ ਮੰਡੀਆਂ ‘ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ।
ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਪੰਜਾਬ ਵਿੱਚ ਕਣਕ ਦੀ ਖਰੀਦ ਲਈ ਸਰਕਾਰ ਨੂੰ 24,773 ਕਰੋੜ ਰੁਪਏ ਦੀ ਕ੍ਰੈਡਿਟ ਲਿਮਟ ਦਿੱਤੀ ਹੈ। ਇਸ ਸੀਜ਼ਨ ਵਿੱਚ ਸਰਕਾਰ ਨੇ 132 ਲੱਖ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਇਸ ਵਾਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2015 ਰੁਪਏ ਪ੍ਰਤੀ ਕੁਇੰਟਲ ਰੱਖਿਆ ਗਿਆ ਹੈ।