- ਨਾਰਾਜ਼ ਕਿਸਾਨਾਂ ਨੇ ਸ਼ਿਕਾਇਤਾਂ ਭੇਜੀਆਂ
ਚੰਡੀਗੜ੍ਹ, 13 ਅਪ੍ਰੈਲ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਸੌਂਪਣਗੇ। ਇਸ ਦੇ ਲਈ ਉਹ ਪਹਿਲਾਂ ਅਬੋਹਰ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਪ੍ਰਤੀ ਏਕੜ ਨੁਕਸਾਨ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇ ਚੈੱਕ ਪ੍ਰਭਾਵਿਤ ਕਿਸਾਨਾਂ ਨੂੰ ਸੌਂਪੇ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਸਾਰੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦੇ ਸਕਣਗੇ। ਕਿਉਂਕਿ ਜ਼ਿਆਦਾਤਰ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਗਿਰਦਾਵਰੀ ਪਟਵਾਰੀ ਸਮੇਤ ਹੋਰ ਅਧਿਕਾਰੀ ਨਹੀਂ ਕਰ ਸਕੇ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਦੇ ਅਬੋਹਰ ਆਉਣ ਤੋਂ ਇੱਕ ਦਿਨ ਪਹਿਲਾਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਦੇ ਗੁੱਸੇ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਸੀ।
ਦਰਅਸਲ, ਮਾਨ ਸਰਕਾਰ ਨੇ ਫਸਲਾਂ ਦੇ ਨੁਕਸਾਨ ਤੋਂ ਬਾਅਦ ਗਿਰਦਾਵਰੀ ਦੀ ਪ੍ਰਕਿਰਿਆ ਇਕ ਹਫਤੇ ਵਿਚ ਪੂਰੀ ਕਰਨ ਦਾ ਐਲਾਨ ਕੀਤਾ ਸੀ। ਪਰ ਹਾਲੇ ਤੱਕ ਬਹੁਤੇ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਗਿਰਦਾਵਰੀ ਲਈ ਕੋਈ ਅਧਿਕਾਰੀ ਨਹੀਂ ਪਹੁੰਚਿਆ।
ਪੰਜਾਬ ਦੇ ਬਹੁਤੇ ਕਿਸਾਨ ਗਿਰਦਾਵਰੀ ਨਾ ਹੋਣ ਕਾਰਨ ਪਰੇਸ਼ਾਨ ਹਨ। ਇਹੀ ਕਾਰਨ ਹੈ ਕਿ ਦੋ ਦਿਨਾਂ ਵਿੱਚ ਹੀ 16 ਜ਼ਿਲ੍ਹਿਆਂ ਦੇ ਕਿਸਾਨਾਂ ਨੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਕਿਸਾਨਾਂ ਨੇ ਮੰਤਰੀ ਦੇ ਵਟਸਐਪ ਨੰਬਰ (93093-88088) ‘ਤੇ ਸ਼ਿਕਾਇਤਾਂ ਭੇਜੀਆਂ ਹਨ। ਪਰ ਅੱਜ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਦੇ ਚੈੱਕ ਦੇਣ ਲਈ ਸੀਐਮ ਮਾਨ ਦੇ ਅਬੋਹਰ ਵਿੱਚ ਪ੍ਰੋਗਰਾਮ ਹੋਣ ਕਾਰਨ ਖੇਤੀਬਾੜੀ ਮੰਤਰੀ ਧਾਲੀਵਾਲ ਨੂੰ ਇੱਕ ਦਿਨ ਪਹਿਲਾਂ ਹੀ ਵੀਡੀਓ ਜਾਰੀ ਕਰਨੀ ਪਈ। ਉਨ੍ਹਾਂ ਕਿਸਾਨਾਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ।