- ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ, 23 ਅਗਸਤ 2025 – ਚੰਡੀਗੜ੍ਹ, 23 ਅਗਸਤ 2025 – ਪੰਜਾਬ ਵਿੱਚ ਹੜ੍ਹਾਂ ਨਾਲ ਪੈਦਾ ਹੋਏ ਹਾਲਾਤਾਂ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਐਕਸ਼ਨ ਮੋਡ ਵਿੱਚ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਯਕੀਨੀ ਬਣਾਉਣ ਲਈ ਸਪੈਸ਼ਲ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰ ਵੱਲੋਂ ਰਾਹਤ ਤੇ ਬਚਾਅ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਕੈਬਨਿਟ ਮੰਤਰੀਆਂ ਨੂੰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਭੇਜਿਆ ਜਾ ਰਿਹਾ ਹੈ, ਤਾਂ ਜੋ ਜ਼ਮੀਨੀ ਹਾਲਾਤਾਂ ਦਾ ਅੰਦਾਜ਼ਾ ਲਗਾ ਕੇ ਜ਼ਰੂਰੀ ਕਦਮ ਚੁੱਕੇ ਜਾ ਸਕਣ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਰਾਹਤ ਕਾਰਜਾਂ ਦੀ ਸਮੀਖਿਆ ਕਰਨਗੇ। ਉੱਥੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸੁਲਤਾਨਪੁਰ ਲੋਧੀ ਪਹੁੰਚ ਕੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲੈਣਗੇ ਅਤੇ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਣਗੇ।

ਮੁੱਖ ਮੰਤਰੀ ਨੇ ਕਿਹਾ ਹੈ ਕਿ ਕਿਸਾਨਾਂ ਤੇ ਆਮ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਹਰ ਹਾਲਤ ਵਿੱਚ ਰਾਹਤ ਅਤੇ ਮੁਆਵਜ਼ਾ ਸਮੇਂ ਸਿਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫ਼ਾਨੀ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਦੀ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮੁਸੀਬਤ ਦੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਨਾਲ ਸਹਾਇਤਾ ਪ੍ਰਦਾਨ ਕਰ ਰਹੀ ਹੈ।
