ਚੰਡੀਗੜ੍ਹ, 4 ਸਤੰਬਰ 2025 – ਹੜ੍ਹਾਂ ਕਾਰਨ ਪੰਜਾਬ ਵਿੱਚ ਹਾਲਾਤ ਅਜੇ ਵੀ ਗੰਭੀਰ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵੀ ਵਿਗੜ ਗਈ ਹੈ, ਅੱਜ ਉਨ੍ਹਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਕੇਜਰੀਵਾਲ ਵੀ ਹੁਣ ਮੁੱਖ ਮੰਤਰੀ ਮਾਨ ਨੂੰ ਮਿਲਣ ਲਈ ਪਹੁੰਚੇ, ਉਨ੍ਹਾਂ ਦੇ ਨਾਲ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਸਨ।
ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ। ਇਸ ਤੋਂ ਬਾਅਦ ਉਹ ਉੱਥੋਂ ਚਲੇ ਗਏ। ਇਸ ਦੌਰਾਨ ਦੋਵੇਂ ਇੱਕ ਕਾਰ ਵਿੱਚ ਸਵਾਰ ਸਨ। ਕੇਜਰੀਵਾਲ ਅਗਲੀ ਸੀਟ ‘ਤੇ ਬੈਠੇ ਸਨ। ਜਦੋਂ ਕਿ ਅਮਨ ਅਰੋੜਾ ਪਿਛਲੀ ਸੀਟ ‘ਤੇ ਸਨ। ਦੱਸਿਆ ਜਾ ਰਿਹਾ ਹੈ ਕਿ ਸਿਹਤ ਵਿਗੜਨ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਦਾ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਰੱਦ ਹੋ ਗਿਆ ਹੈ।
ਅਰਵਿੰਦ ਕੇਜਰੀਵਾਲ ਹੁਣ ਸੁਲਤਾਨਪੁਰ ਲੋਧੀ ਦੌਰੇ ਲਈ ਰਵਾਨਾ ਹੋ ਗਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਮੁਖੀ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਦੌਰਾਨ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਿਲਣਗੇ ਅਤੇ ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਹਤ ਵਿਗੜਨ ਕਾਰਨ ਉਨ੍ਹਾਂ ਦੇ ਨਾਲ ਨਹੀਂ ਜਾ ਸਕਣਗੇ।

ਉੱਥੇ ਹੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੀ ਸਥਿਤੀ ਜਾਣਨ ਲਈ ਪੰਜਾਬ ਪਹੁੰਚੇ ਹਨ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨਾਲ ਅੰਮ੍ਰਿਤਸਰ ਹਵਾਈ ਅੱਡੇ ‘ਤੇ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਰਾਜਪਾਲ ਨੇ 5 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਰਿਪੋਰਟ ਵੀ ਸੌਂਪੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ।
