- ਭਗਵੰਤ ਮਾਨ ਝੂਠੇ ਦਾਅਵਿਆਂ ਨਾਲ ਆਪਣੀ ਹਊਮੈ ਸੰਤੁਸ਼ਟ ਕਰਨਾ ਚਾਹੁੰਦੇ ਹਨ: ਬਿਕਰਮ ਮਜੀਠੀਆ
ਚੰਡੀਗੜ੍ਹ, 21 ਸਤੰਬਰ 2024: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਮੰਡੀ ਗੋਬਿੰਦਗੜ੍ਹ ਵਿਚ ਬੀ ਐਮ ਡਬਲਿਊ ਪਲਾਂਟ ਲੱਗਣ ਬਾਰੇ ਆਪਣੇ ਝੂਠੇ ਦਾਅਵਿਆਂ ਨਾਲ ਪੰਜਾਬੀਆਂ ਨੂੰ ਗੁੰਮਰਾਹ ਕਰਨਾ ਬੰਦ ਕਰਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਬੀ ਐਮ ਡਬਲਿਊ ਕੰਪਨੀ ਜਿਸਨੇ ਸਰਕਾਰ ਵੱਲੋਂ ਨਿਵੇਸ਼ ਦੇ ਦਾਅਵਿਆਂ ਦਾ ਖੰਡਨ ਕੀਤਾ ਸੀ, ਬਾਰੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ ਕਿ ਕੰਪਨੀ ਸੂਬੇ ਵਿਚ ਨਿਵੇਸ਼ ਕਰਨ ਦੀ ਇੱਛੁਕ ਹੈ ਅਤੇ ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਪੁਰਜ਼ੇ ਬਣਾਏ ਜਾਣਗੇ।
ਮਜੀਠੀਆ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ’ਮਾਡਰਨ ਆਟੋਮੇਟਿਵਜ਼’ ਦੇ ਅਧਿਕਾਰੀਆਂ ਨੇ ਬੀਤੇ ਕੱਲ੍ਹ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ ਤੇ ਉਹਨਾਂ ਨੂੰ ਦੱਸਿਆ ਸੀ ਕਿ ਉਹਨਾਂ ਨੂੰ ਜਰਮਨੀ ਤੋਂ ਉਤਪਾਦਨ ਦੇ ਆਰਡਰ ਮਿਲੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਇਹ ਦਾਅਵਾ ਕੀਤਾ ਕਿ ਬੀ ਐਮ ਡਬਲਿਊ ਪੰਜਾਬ ਵਿਚ ਪੁਰਜ਼ਿਆਂ ਦਾ ਨਿਰਮਾਣ ਕਰੇਗੀ ਅਤੇ ਹਜ਼ਾਰਾਂ ਲੋਕਾਂ ਨੂੰ ਰੋਜ਼ਗਾਰ ਮਿਲੇਗਾ ਜਦੋਂ ਕਿ ਅਸਲੀਅਤ ਇਹ ਹੈ ਕਿ ਕੰਪਨੀ ਕੋਲ ਪਹਿਲਾਂ ਹੀ ਢੁਕਵੇਂ ਮੁਲਾਜ਼ਮ ਮੌਜੂਦ ਹਨ।
ਮਜੀਠੀਆ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਝੂਠੇ ਦਾਅਵਿਆਂ ਦੀ ਆਦਤ ਛੱਡ ਦੇਣ ਅਤੇ ਪੰਜਾਬੀਆਂ ਦੀ ਭਲਾਈ ਵਾਸਤੇ ਕੰਮ ਕਰਨਾ ਸ਼ੁਰੂ ਕਰਨ।