ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ

• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਡੇਰਾਬੱਸੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣੀਆਂ
• ਮੰਤਰੀ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਮਿਲ ਕੇ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ

ਚੰਡੀਗੜ੍ਹ, 18 ਅਗਸਤ 2022 – ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਡੇਰਾਬੱਸੀ ਦੇ ਸਨਅਤਕਾਰਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਨਾਲ ਸੁਣਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ‘ਤੇ ਗ਼ੌਰ ਕਰੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਇੰਡਸਟਰੀਜ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ ਵਿਖੇ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ਅਤੇ ਲੋੜਾਂ ਨੂੰ ਚੰਗੀ ਤਰ੍ਹਾਂ ਸਮਝਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਇੰਡਸਟਰੀਜ਼ ਵਿਭਾਗ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰੀਆਂ ਜਾਣਗੀਆਂ ਅਤੇ ਉਦਯੋਗਾਂ ਦੇ ਵਿਕਾਸ ਲਈ ਸੁਖਾਂਵਾ ਤੇ ਉਦਯੋਗ-ਪੱਖੀ ਮਾਹੌਲ ਸਿਰਜਣ ਵਾਸਤੇ ਕਦਮ ਚੁੱਕੇ ਜਾਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਵੇਂ ਉਦਯੋਗਾਂ ਦੀ ਸਥਾਪਨਾ ਨਾਲ ਸੂਬੇ ਵਿੱਚ ਆਉਣ ਵਾਲੇ ਨਿਵੇਸ਼ ਅਤੇ ਇਸ ਨਾਲ ਪੈਦਾ ਹੋਣ ਵਾਲੇ ਰੋਜ਼ਗਾਰ ਦੇ ਮੌਕਿਆਂ ਤੋਂ ਭਲੀ-ਭਾਂਤ ਜਾਣੂ ਹੈ। ਇਸ ਲਈ ਨਿਯਮਾਂ ਨੂੰ ਸੁਖਾਲਾ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲ ਸਕੇ।

ਇੰਡਸਟਰੀਜ਼ ਅਤੇ ਕਾਮਰਸ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਹੋਰ ਮੀਟਿੰਗ ਵਿੱਚ ਕੈਬਨਿਟ ਮੰਤਰੀ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਨਅਤ ਤੇ ਵਣਜ ਵਿਭਾਗ ਵੱਲੋਂ ਮਿਲ ਕੇ ਸੂਬੇ ਵਿੱਚ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲਦੀ ਤੋਂ ਜਲਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤਾਂ ਜੋ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।

ਮੀਟਿੰਗ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਦਲੀਪ ਕੁਮਾਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਅਤੇ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ ਗੁੰਡਾਗਰਦੀ: 10 ਤੋਂ ਵੱਧ ਨੌਜਵਾਨਾਂ ਨੇ ਘਰ ‘ਤੇ ਕੀਤਾ ਹਮਲਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ