ਚੰਡੀਗੜ੍ਹ, 7 ਨਵੰਬਰ 2022 – ਅੰਮ੍ਰਿਤਸਰ ‘ਚ ਸ਼ੁੱਕਰਵਾਰ ਦੁਪਹਿਰ ਸ਼ਿਵ ਸੈਨਾ (ਟਕਸਾਲੀ) ਦੇ ਰਾਸ਼ਟਰੀ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਸ ਪ੍ਰਸ਼ਾਸਨ ਜਾਗ ਗਿਆ ਹੈ। ਘਟਨਾ ਦੇ ਤੀਜੇ ਦਿਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੇ ਹਿੰਦੂ ਨੇਤਾਵਾਂ ਅਤੇ ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਜਾਂਚ ਲਈ ਇੱਕ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਨੂੰ ਇੱਕ ਹਫ਼ਤੇ ਵਿੱਚ ਆਪਣੀ ਰਿਪੋਰਟ ਸੌਂਪਣ ਦੇ ਹੁਕਮ ਵੀ ਦਿੱਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਡੀਜੀਪੀ ਯਾਦਵ ਵੱਲੋਂ ਬਣਾਈ ਕਮੇਟੀ ਨੂੰ ਸੂਬੇ ਦੇ 16 ਹਿੰਦੂ ਆਗੂਆਂ ਅਤੇ 25 ਵੀ.ਵੀ.ਆਈ.ਪੀਜ਼ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਲਈ ਕਿਹਾ ਗਿਆ ਹੈ। ਇਹਨਾਂ ਵਿੱਚੋਂ ਕਈਆਂ ਕੋਲ ਪਹਿਲਾਂ ਹੀ ਸੁਰੱਖਿਆ ਹੈ। ਕੁਝ ਕੋਲ Y ਅਤੇ ਕੁਝ ਕੋਲ Z ਸ਼੍ਰੇਣੀ ਦੀ ਸੁਰੱਖਿਆ ਹੈ, ਪਰ ਉਹ ਕਮੇਟੀ ਦੀ ਸਮੀਖਿਆ ਤੋਂ ਬਾਅਦ ਆਪਣੀ ਸੁਰੱਖਿਆ ਵਧਾ ਜਾਂ ਘਟਾ ਸਕਦੇ ਹਨ। ਇਸ ਕਮੇਟੀ ਵਿੱਚ ਪੁਲੀਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ ਦੇ ਅਧਿਕਾਰੀ ਵੀ ਸ਼ਾਮਲ ਹਨ।
ਡੀਜੀਪੀ ਵੱਲੋਂ ਗਠਿਤ ਕੀਤੀ ਗਈ ਇਹ ਕਮੇਟੀ ਪੰਜਾਬ ਵਿੱਚ ਪਿਛਲੇ ਸਮੇਂ ਵਿੱਚ ਵੀਆਈਪੀਜ਼ ਅਤੇ ਹੋਰਨਾਂ ਨੂੰ ਮਿਲ ਰਹੀਆਂ ਧਮਕੀਆਂ ਦੀ ਵੀ ਸਮੀਖਿਆ ਕਰੇਗੀ। ਇਸ ਤੋਂ ਇਲਾਵਾ ਇੰਟੈਲੀਜੈਂਸ ਵਿੰਗ ਦੇ ਇਨਪੁਟ ਦਾ ਵੀ ਸਹਾਰਾ ਲਿਆ ਜਾਵੇਗਾ। ਇੱਕ ਹਫ਼ਤੇ ਦੇ ਅੰਦਰ ਇਸ ਕਮੇਟੀ ਨੇ ਸੁਰੱਖਿਆ ਦੀ ਸਮੀਖਿਆ ਕਰਕੇ ਡੀਜੀਪੀ ਨੂੰ ਰਿਪੋਰਟ ਸੌਂਪਣੀ ਹੈ।
ਹੁਣ ਤੱਕ ਪੰਜਾਬ ਪੁਲਿਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਸੀਨੀਅਰ ਆਗੂਆਂ ਨੂੰ Z+ ਅਤੇ ਤਿੰਨ ਸੀਨੀਅਰ ਆਗੂਆਂ ਨੂੰ Y ਸ਼੍ਰੇਣੀ, ਪੰਜਾਬ ਭਾਜਪਾ ਦੇ ਪੰਜ ਸੀਨੀਅਰ ਆਗੂਆਂ ਨੂੰ Y ਸ਼੍ਰੇਣੀ, ਕਾਂਗਰਸ ਦੇ ਇੱਕ ਸੀਨੀਅਰ ਆਗੂ ਨੂੰ Z ਸ਼੍ਰੇਣੀ, Y ਸ਼੍ਰੇਣੀ ਦੇ ਤਿੰਨ ਨੇਤਾ ਅਤੇ ਕੁਝ ਹੋਰ ਨੇਤਾਵਾਂ ਨੂੰ ਸਧਾਰਨ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਤਾਜ਼ਾ ਘਟਨਾਕ੍ਰਮ ਤੋਂ ਬਾਅਦ ਹੁਣ ਹਿੰਦੂ ਨੇਤਾਵਾਂ ਨੂੰ ਵੀ ਸੁਰੱਖਿਆ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਸਮੀਖਿਆ ਤੋਂ ਬਾਅਦ 25 ਨੇਤਾਵਾਂ ਦੀ ਸੁਰੱਖਿਆ ਵਧਾਈ ਜਾਂ ਘਟਾਈ ਜਾ ਸਕਦੀ ਹੈ।