ਅੰਮ੍ਰਿਤਸਰ, 10 ਜਨਵਰੀ 2023 – ਕਾਂਗਰਸ ਦੀ ਭਾਰਤ ਜੋੜੋ ਯਾਤਰਾ ਅੱਜ ਪੰਜਾਬ ਵਿੱਚ ਦਾਖ਼ਲ ਹੋ ਗਈ ਹੈ। ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪੁੱਜੇ। ਇਸ ਦੌਰਾਨ ਉਨ੍ਹਾਂ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਮੌਕੇ ਰਾਹੁਲ ਗਾਂਧੀ ਪੱਗ ਬੰਨ੍ਹੀ ਨਜ਼ਰ ਆਏ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੂਜੇ ਪੜਾਅ ‘ਚ ਹਰਿਆਣਾ ‘ਚ ਸੀ. ਭਾਰਤ ਜੋੜੋ ਯਾਤਰਾ ਅੱਜ ਸਵੇਰੇ ਹਰਿਆਣਾ ਦੇ ਅੰਬਾਲਾ ਤੋਂ ਸ਼ੁਰੂ ਹੋਈ। ਇਸ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ। ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੁਪਹਿਰ ਬਾਅਦ ਸ਼ੰਭੂ ਸਰਹੱਦ ਰਾਹੀਂ ਪੰਜਾਬ ਵਿੱਚ ਦਾਖ਼ਲ ਹੋਈ।
ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਸੱਤ ਦਿਨ ਪੰਜਾਬ ਵਿੱਚ ਰਹੇਗੀ। ਇਸ ਦੌਰਾਨ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਪੰਜਾਬ ਤੋਂ ਬਾਅਦ ਹਿਮਾਚਲ ਪ੍ਰਦੇਸ਼ ਵਿੱਚ ਵੀ ਇੱਕ ਦਿਨ ਦਾ ਰੁਕੇਗੀ। ਇਸ ਤੋਂ ਬਾਅਦ ਯਾਤਰਾ ਜੰਮੂ-ਕਸ਼ਮੀਰ ਲਈ ਰਵਾਨਾ ਹੋਵੇਗੀ। ਹਾਲਾਂਕਿ ਜੰਮੂ-ਕਸ਼ਮੀਰ ਲਈ ਰਵਾਨਾ ਹੋਣ ਤੋਂ ਪਹਿਲਾਂ ਸਮਾਪਤੀ ਵਾਲੇ ਦਿਨ ਪੰਜਾਬ ਦੇ ਪਠਾਨਕੋਟ ਵਿਖੇ ਇੱਕ ਮੈਗਾ-ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਇੱਥੇ ਰਾਹੁਲ ਗਾਂਧੀ ਇਕੱਠ ਨੂੰ ਸੰਬੋਧਨ ਕਰਨਗੇ। ਦੱਸ ਦੇਈਏ ਕਿ ਇਹ ਯਾਤਰਾ 30 ਜਨਵਰੀ ਨੂੰ ਸ਼੍ਰੀਨਗਰ ਵਿੱਚ ਤਿਰੰਗਾ ਲਹਿਰਾਉਣ ਦੇ ਨਾਲ ਸਮਾਪਤ ਹੋਵੇਗੀ।