ਲੁਧਿਆਣਾ, 7 ਜੂਨ 2022 – ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਮੰਗਲਵਾਰ ਸਵੇਰੇ 9:30 ਵਜੇ ਬਿੱਟੂ ਦੇ ਨਿੱਜੀ ਨੰਬਰ ‘ਤੇ ਵਟਸਐਪ ਕਾਲ ਆਈ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਬਿੱਟੂ ਵੱਲੋਂ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਨਿੱਜੀ ਸਹਾਇਕ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਦੱਸ ਦੇਈਏ ਕਿ ਰਵਨੀਤ ਸਿੰਘ ਬਿੱਟੂ ਦੇ ਦਾਦਾ ਬੇਅੰਤ ਸਿੰਘ ਚੰਡੀਗੜ੍ਹ ‘ਚ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋ ਗਏ ਸਨ। ਉਦੋਂ ਤੋਂ ਉਨ੍ਹਾਂ ਨੂੰ ਕੇਂਦਰੀ ਸੁਰੱਖਿਆ ਬਲ ਵੱਲੋਂ ਲਗਾਤਾਰ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਦੱਸ ਦੇਈਏ ਕਿ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਗਾਤਾਰ ਸਰਗਰਮ ਹੋ ਗਏ ਹਨ ਅਤੇ ਕਈ ਲੋਕਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਰਵਨੀਤ ਸਿੰਘ ਬਿੱਟੂ ਨੂੰ ਇਹ ਕਾਲ ਵਿਦੇਸ਼ੀ ਨੰਬਰ ਤੋਂ ਆਈ ਹੈ, ਉਸ ਨੂੰ ਇਹ ਕਹਿ ਕੇ ਧਮਕੀ ਦਿੱਤੀ ਗਈ ਹੈ ਕਿ ਉਹ ਵੱਖ-ਵੱਖ ਪਲੇਟਫਾਰਮਾਂ ‘ਤੇ ਜਰਨੈਲ ਸਿੰਘ ਭਿੰਡਰਾਵਾਲਾ ਦੇ ਖਿਲਾਫ ਬਿਆਨ ਦਿੰਦਾ ਹੈ ਅਤੇ ਇਸ ਲਈ ਅਗਲਾ ਨੰਬਰ ਉਸ ਦਾ ਹੀ ਹੋਣਾ ਹੈ। ਰਵਨੀਤ ਸਿੰਘ ਬਿੱਟੂ ਭਾਰਤ ‘ਚ ਨਹੀਂ ਹਨ, ਉਹ ਵਿਦੇਸ਼ ਦੌਰੇ ‘ਤੇ ਗਏ ਹੋਏ ਹਨ। ਧਮਕਾਉਣ ਵਾਲੇ ਨੇ ਇੱਕ ਗਰੁੱਪ ਕਾਲ ਕੀਤੀ ਸੀ ਜਿਸ ਵਿੱਚ ਹਿੰਦੂ ਆਗੂ ਸੰਦੀਪ ਗੋਰਾ ਥਾਪਰ, ਮਾਨਸਾ ਦੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਅਤੇ ਰਵਨੀਤ ਸਿੰਘ ਬਿੱਟੂ ਸ਼ਾਮਲ ਸਨ।