- ਕੇਂਦਰ ਸਾਡੀ ਸਰਕਾਰ ਦੀਆਂ ਯੋਜਨਾਵਾਂ ‘ਚ ਪਾ ਰਹੀ ਅੜਿੱਕਾ
- ਉੱਥੇ ਜਾ ਕੇ ਫੋਟੋਆਂ ਨਹੀਂ ਖਿਚਵਾਉਣੀਆ
- 27 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ‘ਚ ਹੋਣੀ ਹੈ ਮੀਟਿੰਗ
ਚੰਡੀਗੜ੍ਹ, 27 ਮਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 27 ਮਈ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ ਕੀਤੇ ਜਾਣ ਕਾਰਨ ਵਿਵਾਦ ਹੋਰ ਵਧ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੇਂਦਰ ਦੀਆਂ ਸਕੀਮਾਂ ਵਿਚ ਪੰਜਾਬ ਲਈ ਆਏ ਫੰਡਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਅਸੀਂ ਉਥੇ ਫੋਟੋਆਂ ਨਹੀਂ ਖਿਚਵਾਉਣੀਆ, ਉਥੇ ਹੀ ਪੰਜਾਬ ਵਿਚ ਭਾਜਪਾ ਅਤੇ ਕਾਂਗਰਸ ਨੇ ‘ਆਪ’ ਸਰਕਾਰ ‘ਤੇ ਪੰਜਾਬ ਦੇ ਹਿੱਤਾਂ ਦੀ ਅਣਦੇਖੀ ਕਰਨ ਦਾ ਦੋਸ਼ ਲਗਾਇਆ ਹੈ।
ਮੁੱਖ ਮੰਤਰੀ ਨੇ ਕੇਂਦਰ ਨੂੰ ਇਕ ਚਿੱਠੀ ਭੇਜੀ ਹੈ, ਜਿਸ ਵਿਚ ਉਨ੍ਹਾਂ ਨੇ ਇਸ ਗੱਲ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਕਈ ਲੋਕ ਭਲਾਈ ਸਕੀਮਾਂ ਵਿਚ ਰੁਕਾਵਟਾਂ ਪਾ ਰਹੀ ਹੈ। ਪੇਂਡੂ ਵਿਕਾਸ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ਕਰਕੇ ਪੰਜਾਬ ਦਾ ਲਗਾਤਾਰ ਨੁਕਸਾਨ ਕੀਤਾ ਜਾ ਰਿਹਾ ਹੈ। ਮਾਨ ਨੇ ਨੀਤੀ ਆਯੋਗ ਨੂੰ ਵੀ ਪੱਤਰ ਲਿਖ ਕੇ ਕਿਹਾ ਹੈ ਕਿ ਕਮਿਸ਼ਨ ਦੀ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਨਾਲ ਸਬੰਧਤ ਕਈ ਮੁੱਦੇ ਉਠਾਏ ਗਏ ਸਨ। ਪਹਿਲਾਂ ਉਨ੍ਹਾਂ ਨੂੰ ਹੱਲ ਕਰੋ ਫਿਰ ਉਹ ਮੀਟਿੰਗ ਵਿੱਚ ਹਿੱਸਾ ਲੈ ਸਕਦੇ ਹਨ।
ਇਸ ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਾ ਹੋਣ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਰਡੀਐਫ ਫੰਡਾਂ ਦਾ ਹਵਾਲਾ ਦੇ ਕੇ ਮੀਟਿੰਗ ਦਾ ਬਾਈਕਾਟ ਕੀਤਾ ਗਿਆ ਹੈ। ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਐਫ ਫੰਡ ਜਾਰੀ ਨਹੀਂ ਕੀਤਾ ਕਿਉਂਕਿ ਰਾਜ ਸਰਕਾਰ ਨੇ ਐਨਓਸੀ ਨਹੀਂ ਦਿੱਤੀ। NOC ਤੋਂ ਬਾਅਦ ਹੀ ਫੰਡ ਜਾਰੀ ਕੀਤਾ ਜਾਵੇਗਾ।