ਚੰਡੀਗੜ੍ਹ, 20 ਅਗਸਤ 2024 – ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਬੀਜੇਪੀ ਸੰਸਦ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰ ਗਈ ਹੈ। ਕੰਗਨਾ ਦੀ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਐਮਰਜੈਂਸੀ ‘ਤੇ ਬਣੀ ਹੈ। ਪੰਜਾਬ ਤੋਂ ਆਜ਼ਾਦ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਫ਼ਿਲਮ ਵਿੱਚ ਦਿਖਾਏ ਗਏ ਦ੍ਰਿਸ਼ਾਂ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕੇਂਦਰ ਨੂੰ ਪੱਤਰ ਲਿਖ ਕੇ ਫਿਲਮ ਦੀ ਰਿਲੀਜ਼ ਰੋਕਣ ਦੀ ਮੰਗ ਕੀਤੀ ਹੈ।
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ, ”ਨਵੀਂ ਫਿਲਮ ‘ਐਮਰਜੈਂਸੀ’ ‘ਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤੇ ਜਾਣ ਦੀਆਂ ਖਬਰਾਂ ਹਨ, ਜਿਸ ਕਾਰਨ ਸਮਾਜ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਹੈ। ਜੇਕਰ ਇਸ ਫ਼ਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਜਾਂ ਅੱਤਵਾਦੀ ਵਜੋਂ ਦਰਸਾਇਆ ਗਿਆ ਹੈ ਤਾਂ ਇਹ ਇੱਕ ਡੂੰਘੀ ਸਾਜ਼ਿਸ਼ ਹੈ। ਇਹ ਫਿਲਮ ਇੱਕ ਮਨੋਵਿਗਿਆਨਕ ਹਮਲਾ ਹੈ, ਜਿਸ ਵੱਲ ਸਰਕਾਰ ਨੂੰ ਪਹਿਲਾਂ ਹੀ ਧਿਆਨ ਦੇਣਾ ਚਾਹੀਦਾ ਹੈ ਅਤੇ ਦੂਜੇ ਦੇਸ਼ਾਂ ਵਿੱਚ ਸਿੱਖਾਂ ਪ੍ਰਤੀ ਨਫਰਤ ਨੂੰ ਭੜਕਾਉਣਾ ਬੰਦ ਕਰਨਾ ਚਾਹੀਦਾ ਹੈ।
ਸੰਸਦ ਮੈਂਬਰ ਸਰਬਜੀਤ ਖਾਲਸਾ ਨੇ ਕਿਹਾ ਹੈ ਕਿ ਦੇਸ਼ ਵਿੱਚ ਸਿੱਖਾਂ ‘ਤੇ ਨਫ਼ਰਤੀ ਹਮਲਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੇ ‘ਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਹੋਰ ਫੈਲਾਏਗੀ। ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜੋ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਸਾਹਮਣੇ ਨਹੀਂ ਆਈਆਂ। ਪਰ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੰਗਨਾ ਨੇ ਕੁਝ ਦਿਨ ਪਹਿਲਾਂ ਇਸ ਫਿਲਮ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਸੀ। ਜਿਸ ਵਿੱਚ 1980ਵਿਆਂ ਵਿੱਚ ਪੰਜਾਬ ਵਿੱਚ ਅੱਤਵਾਦ ਦੇ ਦੌਰ ਨੂੰ ਵੀ ਦਿਖਾਇਆ ਗਿਆ ਹੈ।
ਇਸ ਵਿੱਚ ਇੱਕ ਪਾਤਰ ਜਰਨੈਲ ਸਿੰਘ ਭਿੰਡਰਾਂਵਾਲਾ ਵੀ ਬਣਾਇਆ ਗਿਆ ਹੈ। ਜਿਸ ਨੂੰ ਕੱਟੜਪੰਥੀ ਸਿੱਖ ਸੰਤ ਵਜੋਂ ਦਿਖਾਏ ਗਏ ਹਨ। ਸਰਬਜੀਤ ਖਾਲਸਾ ਦਾ ਮੰਨਣਾ ਹੈ ਕਿ ਬਲਿਊ ਸਟਾਰ ਅਪਰੇਸ਼ਨ ਬਾਰੇ ਵੀ ਫਿਲਮ ਬਣਾਈ ਗਈ ਹੈ, ਜੋ ਕਿ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਖਤਮ ਕਰਨ ਲਈ ਹੀ ਸ਼ੁਰੂ ਕੀਤਾ ਗਿਆ ਸੀ।