ਚੰਡੀਗੜ੍ਹ, 26 ਜੂਨ, 2025: ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਵਿਜੀਲੈਂਸ ਨੂੰ ਮਜੀਠੀਆ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਮਾਮਲੇ ਦੀ ਮੁੜ ਸੁਣਵਾਈ ਤੇ ਮਜੀਠੀਆ ਦੀ ਮੁੜ ਪੇਸ਼ੀ ਹੁਣ 2 ਜੁਲਾਈ ਨੂੰ ਹੋਵੇਗੀ। ਇਥੇ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ।
ਇਸ ਦੇ ਨਾਲ ਹੀ, ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਹਰ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੇ ਹੁਣ ਸਿਆਸੀ ਰੰਗ ਲੈ ਲਿਆ ਹੈ। ਸਾਰੀਆਂ ਰਾਜਨੀਤਿਕ ਪਾਰਟੀਆਂ ਇਸ ਕਾਰਵਾਈ ਨੂੰ ਗਲਤ ਦੱਸ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਵਿਜੀਲੈਂਸ ਨੇ ਮਜੀਠੀਆ ਵਿਰੁੱਧ ਜੋ ਕੇਸ ਦਰਜ ਕੀਤਾ ਹੈ। ਦੱਸਿਆ ਗਿਆ ਹੈ ਕਿ ਇਹ ਕਾਰਵਾਈ ਸਾਲ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਮਾਮਲੇ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਅਨੁਸਾਰ ਮਜੀਠੀਆ ਨੇ 540 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਬਣਾਈ ਹੈ। ਉਸਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਜਮ੍ਹਾਂ ਹਨ, ਜਦੋਂ ਕਿ ਵਿਦੇਸ਼ੀ ਕੰਪਨੀਆਂ ਨਾਲ 141 ਕਰੋੜ ਰੁਪਏ ਦੇ ਲੈਣ-ਦੇਣ ਹਨ।

ਇਸ ਤੋਂ ਇਲਾਵਾ, ਕੰਪਨੀ ਦੇ ਵਿੱਤੀ ਬਿਆਨਾਂ ਵਿੱਚ ਬਿਨਾਂ ਕਿਸੇ ਜਾਣਕਾਰੀ ਅਤੇ ਸਪੱਸ਼ਟੀਕਰਨ ਦੇ 236 ਕਰੋੜ ਰੁਪਏ ਦੀ ਰਕਮ ਦਾ ਖੁਲਾਸਾ ਹੋਇਆ ਹੈ। ਮਜੀਠੀਆ ਦੇ ਘਰੋਂ 30 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, ਜਾਇਦਾਦ ਦੇ ਦਸਤਾਵੇਜ਼ ਅਤੇ ਹੋਰ ਚੀਜ਼ਾਂ ਬਰਾਮਦ ਕੀਤੀਆਂ ਗਈਆਂ ਹਨ। ਉਸਨੂੰ ਬੁੱਧਵਾਰ ਨੂੰ 12 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਸਨੇ ਇੱਕ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ।
