ਲੁਧਿਆਣਾ, 5 ਜੁਲਾਈ 2024: ਸ਼ਿਵ ਸੈਨਾ ਪੰਜਾਬ ਦੇ ਨੇਤਾ ਸੰਦੀਪ ਗੋਰਾ ਥਾਪਰ ’ਤੇ ਜਾਨਲੇਵਾ ਹਮਲਾ ਹੋਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਮੁਢਲੀ ਜਾਣਕਾਰੀ ਅਨੁਸਾਰ ਸਾਹਮਣੇ ਆਇਆ ਹੈ ਕਿ ਹਮਲਾਵਰ ਨਿਹੰਗ ਸਿੰਘਾਂ ਦੇ ਭੇਸ ਵਿੱਚ ਆਏ ਸਨ। ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਸ਼ਿਵ ਸੈਨਾ ਆਗੂ ‘ਤੇ ਹਮਲਾ ਕੀਤਾ।
ਦੱਸਿਆ ਜਾ ਰਿਹਾ ਹੈ ਕਿ ਗੋਰਾ ਥਾਪਰ ਸਿਵਲ ਹਸਪਤਾਲ ਵਿੱਚ ਇੱਕ ਸਮਾਗਮ ਵਿੱਚ ਹਿੱਸਾ ਲੈਣ ਆਏ ਸਨ। ਸੰਦੀਪ ਥਾਪਰ ਦੇ ਨਾਲ ਉਨ੍ਹਾਂ ਦਾ ਸੁਰੱਖਿਆ ਕਰਮੀ ਵੀ ਮੌਜੂਦ ਸੀ। ਉਸ ਕੋਲ ਰਿਵਾਲਵਰ ਸੀ, ਪਰ ਨਿਹੰਗਾਂ ਨੇ ਕੋਲੋਂ ਖੋਹ ਰਿਵਾਲਵਰ ਲਿਆ ਸੀ। ਹਮਲੇ ਤੋਂ ਬਾਅਦ ਨਿਹੰਗ ਸੰਦੀਪ ਦਾ ਸਕੂਟਰ ਲੈ ਕੇ ਫਰਾਰ ਹੋ ਗਏ। ਇਸ ਤੋਂ ਬਾਅਦ ਸੰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਸੀ.ਐਮ.ਸੀ. ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਹਿੰਦੂ ਆਗੂਆਂ ਨੇ ਗੁੱਸੇ ਵਿੱਚ ਆ ਕੇ ਸੜਕ ਜਾਮ ਕਰ ਦਿੱਤੀ। ਇਸ ਦੇ ਮੱਦੇਨਜ਼ਰ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਮਾਹੌਲ ਤਣਾਅਪੂਰਨ ਹੈ। ਹਿੰਦੂ ਆਗੂਆਂ ਨੇ ਲੁਧਿਆਣਾ ਪੁਲਿਸ ਨੂੰ 12 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁਲਜ਼ਮ ਨਾ ਫੜੇ ਗਏ ਤਾਂ ਉਹ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਪੁਲੀਸ ਨੂੰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ।
ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਡੀਸੀਪੀ ਜਸਕਰਨ ਸਿੰਘ ਤੇਜਾ ਸੰਦੀਪ ਥਾਪਰ ਨੂੰ ਮਿਲਣ ਹਸਪਤਾਲ ਪੁੱਜੇ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਧਾਰਾ 307 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।