ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ, ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ

  • ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ
  • ਸਮਾਗਮਾਂ ਦੀਆਂ ਤਿਆਰੀਆਂ ਲਈ ਅਗਾਊਂ ਵਫਦ ਨੂੰ ਪ੍ਰਵਾਨਗੀ ਦੇਣ ਲਈ ਵੀ ਆਖਿਆ

ਅੰਮ੍ਰਿਤਸਰ, 13 ਸਤੰਬਰ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਵਿਖੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਅੱਗੇ ਵਧਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਇਕ ਵਿਸ਼ੇਸ਼ ਵਫਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਸ਼ਤਾਬਦੀ ਸਮਾਗਮਾਂ ਸਮੇਂ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਹ ਵਫਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਦੇ ਹਾਈ ਕਮਿਸ਼ਨਰ ਜਨਾਬ ਅਫਤਾਬ ਹਸਨ ਖਾਨ ਨੂੰ ਮਿਲਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਲਿਖਿਆ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਵੱਲੋਂ ਪੁੱਜੇ ਵਫਦ ਵਿਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਆਗੂ ਸ. ਹਰਵਿੰਦਰ ਸਿੰਘ ਸਰਨਾ, ਸ. ਪ੍ਰਭਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਵਫਦ ਨੇ ਸਾਕਾ ਸ੍ਰੀ ਪੰਜਾ ਸਾਹਿਬ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਹਾਈ ਕਮਿਸ਼ਨ ਨੂੰ ਦੱਸਿਆ ਕਿ ਸਿੱਖ ਇਤਿਹਾਸ ਨਾਲ ਸਬੰਧਤ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ 30 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਮਨਾਈ ਜਾ ਰਹੀ ਹੈ। ਜਿਸ ਧਰਤੀ ’ਤੇ ਇਹ ਸਾਕਾ ਵਾਪਰਿਆ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਉਥੇ ਵੀ ਵੱਡਾ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ। ਸ਼੍ਰੋਮਣੀ ਕਮੇਟੀ ਵਫਦ ਨੇ ਹਾਈ ਕਮਿਸ਼ਨਰ ਨੂੰ ਸੰਗਤਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਚਾਹੁੰਦੀਆਂ ਹਨ, ਜਿਸ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਖੁਲਦਿੱਲੀ ਨਾਲ ਵੀਜ਼ੇ ਦਿੱਤੇ ਜਾਣ।

ਵਫਦ ਨੇ ਇਹ ਵੀ ਮੰਗ ਕੀਤੀ ਕਿ ਅਗਾਊਂ ਪ੍ਰਬੰਧਾਂ ਲਈ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਜਲਦ ਪ੍ਰਵਾਨਗੀ ਦਿੱਤੀ ਜਾਵੇ ਤਾਂ ਜੋ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰ ਕਰਕੇ ਸਮਾਗਮਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ। ਵਫਦ ਆਗੂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਕਮਿਸ਼ਨ ਨੂੰ ਆਮ ਸਮਿਆਂ ਦੌਰਾਨ ਵੀ ਸ਼ਰਧਾਲੂਆਂ ਨੂੰ ਖੁੱਲਦਿੱਲੀ ਨਾਲ ਵੀਜ਼ੇ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹਰ ਸਾਲ ਗੁਰਪੁਰਬ ਮਨਾਉਣ ਲਈ ਸ਼ਰਧਾਲੂਆਂ ਦੇ ਵਿਸ਼ੇਸ਼ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ ਪਰ ਆਮ ਦਿਨਾਂ ਵਿਚ ਵੀ ਸੰਗਤ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੀ ਹੈ। ਸੰਗਤ ਚਾਹੁੰਦੀ ਹੈ ਕਿ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਵੀਜ਼ਾ ਲੈਣ ਸਮੇਂ ਕੋਈ ਦਿੱਕਤ ਨਾ ਆਵੇ ਅਤੇ ਉਹ ਜਦੋਂ ਚਾਹੁਣ ਵੀਜ਼ਾ ਪ੍ਰਾਪਤ ਕਰਕੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਇਸ ਦੌਰਾਨ ਜਥੇਦਾਰ ਪੰਜੋਲੀ ਤੇ ਭਾਈ ਮਹਿਤਾ ਨੇ ਦੱਸਿਆ ਕਿ ਪਾਕਿਸਤਾਨ ਹਾਈ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਵਫਦ ਨੂੰ ਯਕੀਨ ਦਵਾਇਆ ਕਿ ਸ਼ਤਾਬਦੀ ਦੇ ਇਤਿਹਾਸਕ ਦਿਹਾੜੇ ਮੌਕੇ ਵੱਧ ਤੋਂ ਵੱਧ ਸੰਗਤਾਂ ਨੂੰ ਵੀਜ਼ੇ ਦਿੱਤੇ ਜਾਣਗੇ, ਜਿਸ ਲਈ ਸਿੱਖ ਸੰਸਥਾਵਾਂ ਸ਼ਰਧਾਲੂਆਂ ਦੀਆਂ ਲਿਸਟਾਂ ਤਿਆਰ ਕਰਕੇ ਜਲਦ ਭੇਜਣ। ਜਥੇਦਾਰ ਪੰਜੋਲੀ ਨੇ ਕਿਹਾ ਕਿ ਪੰਜਾਬ ਤੇ ਹਰਿਆਣੇ ਨਾਲ ਸਬੰਧਤ ਸਿੱਖ ਸ਼ਰਧਾਲੂਆਂ ਦੀਆਂ ਲਿਸਟਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀਆਂ ਜਾਣਗੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਸਰਨਾ ਭਰਾ ਦਿੱਲੀ ਨਾਲ ਸਬੰਧਤ ਸ਼ਰਧਾਲੂਆਂ ਦੀਆਂ ਲਿਸਟਾਂ ਤਿਆਰ ਕਰਨਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਫਦ ਨੇ ਪਾਕਿਸਤਾਨ ਵਿਖੇ ਹੜ੍ਹਾਂ ਦੀ ਬਣੀ ਸਥਿਤੀ ’ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਵਿਸਵਾਸ਼ ਦਵਾਇਆ ਕਿ ਜੇਕਰ ਪਾਕਿਸਤਾਨ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਆਗਿਆ ਦੇਵੇਗੀ ਤਾਂ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕਰਕੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂੰਗੀ ਦੀ ਫਸਲ MSP ‘ਤੇ ਖਰੀਦਣ ‘ਚ ਅਸਫਲ ਰਹੀ ਮਾਨ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਵੇ – ਖਹਿਰਾ

ਆਮ ਆਦਮੀ ਪਾਰਟੀ ਦੀ ਸਰਕਾਰ ਗੁਜਰਾਤ ਨੂੰ ਭ੍ਰਿਸ਼ਟਾਚਾਰ ਅਤੇ ਡਰ ਮੁਕਤ ਸ਼ਾਸਨ ਦੇਵੇਗੀ: ਅਰਵਿੰਦ ਕੇਜਰੀਵਾਲ