ਚੰਡੀਗੜ੍ਹ, 5 ਜਨਵਰੀ 2025 – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਮੰਗ ਕੀਤੀ ਗਈ ਹੈ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।
ਪੱਤਰ ਵਿੱਚ ਉਨ੍ਹਾਂ ਡਾ: ਮਨਮੋਹਨ ਸਿੰਘ ਦੇ ਯੋਗਦਾਨ ਨੂੰ ਸਿੱਖ ਕੌਮ ਲਈ ਇਤਿਹਾਸਕ ਅਤੇ ਵਿਲੱਖਣ ਦੱਸਿਆ ਹੈ। ਉਨ੍ਹਾਂ ਲਿਖਿਆ ਕਿ ਡਾ: ਸਿੰਘ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਲਈ ਨਾ ਸਿਰਫ਼ ਸੰਸਦ ‘ਚ ਮੁਆਫ਼ੀ ਮੰਗੀ ਸਗੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ। ਕਿਸਾਨਾਂ ਲਈ 60 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ, ਪੰਜਾਬ ਦੇ ਵਿਕਾਸ ਲਈ ਫੰਡਾਂ ਦੀ ਵੰਡ ਅਤੇ ਇਤਿਹਾਸਕ ਗੁਰਧਾਮਾਂ ਦੀ ਸੰਭਾਲ ਲਈ ਕੀਤੇ ਯਤਨਾਂ ਦਾ ਵੀ ਜ਼ਿਕਰ ਕੀਤਾ ਗਿਆ।
ਇਸ ਤੋਂ ਇਲਾਵਾ ਡਾ: ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਵਜੋਂ ਕਾਰਜਕਾਲ ਦੌਰਾਨ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਕਰਤਾਰਪੁਰ ਲਾਂਘੇ ਵਰਗੇ ਕਦਮਾਂ ਦੀ ਵੀ ਸ਼ਲਾਘਾ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਜਥੇਦਾਰ ਨੂੰ ਅਪੀਲ ਕੀਤੀ ਕਿ ਡਾ: ਮਨਮੋਹਨ ਸਿੰਘ ਦੇ ਇਨ੍ਹਾਂ ਲੋਕ ਭਲਾਈ ਕਾਰਜਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ‘ਪੰਥ ਰਤਨ’ ਸਨਮਾਨ ਨਾਲ ਨਿਵਾਜਿਆ ਜਾਵੇ।
ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 26 ਦਸੰਬਰ ਦੀ ਰਾਤ ਨੂੰ ਦਿਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਘਰ ਵਿੱਚ ਬੇਹੋਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਾਤ 8:06 ਵਜੇ ਦਿੱਲੀ ਏਮਜ਼ ਲਿਆਂਦਾ ਗਿਆ। ਡਾਕਟਰਾਂ ਮੁਤਾਬਕ ਉਨ੍ਹਾਂ ਨੇ ਰਾਤ 9:51 ‘ਤੇ ਆਖਰੀ ਸਾਹ ਲਏ। ਇਸ ਤੋਂ ਬਾਅਦ 28 ਦਸੰਬਰ ਨੂੰ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।
ਬੀਤੇ ਸ਼ੁੱਕਰਵਾਰ ਨੂੰ ਹੀ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਗਈ। ਇੰਨਾ ਹੀ ਨਹੀਂ ਇਸ ਅਰਦਾਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਰਧਾਂਜਲੀ ਭੇਟ ਕੀਤੀ ਸੀ।