- ਵਿਜੀਲੈਂਸ ਨੂੰ ਨਹੀਂ ਮਿਲਿਆ ਰਿਮਾਂਡ, ਅਗਲੀ ਸੁਣਵਾਈ 24 ਫਰਵਰੀ ਨੂੰ
- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ‘ਚ ਕੀਤਾ ਗਿਆ ਸੀ ਗ੍ਰਿਫ਼ਤਾਰ
ਮੋਹਾਲੀ, 10 ਫਰਵਰੀ 2023 – ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਨੇ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਮੁੜ ਧਰਮਸੋਤ ਦਾ ਰਿਮਾਂਡ ਮੰਗਿਆ ਗਿਆ ਸੀ। ਪਰ ਅਦਾਲਤ ਨੇ ਉਸ ਨੂੰ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਧਰਮਸੋਤ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ।
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੋਮਵਾਰ 6 ਫਰਵਰੀ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਸਮੇਂ ਦੌਰਾਨ ਧਰਮਸੋਤ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2 ਕਰੋੜ 37 ਲੱਖ 12 ਹਜ਼ਾਰ 596 ਰੁਪਏ ਸੀ, ਜਦੋਂ ਕਿ ਖਰਚਾ 8 ਕਰੋੜ 76 ਲੱਖ 30 ਹਜ਼ਾਰ 888 ਰੁਪਏ ਸੀ। ਇਸ ‘ਚ 6 ਕਰੋੜ 39 ਲੱਖ ਰੁਪਏ ਉਸ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 269 ਫੀਸਦੀ ਜ਼ਿਆਦਾ ਹਨ।
ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਸੀ ਕਿ ਇਸ ਬਾਰੇ ਚੱਲ ਰਹੀ ਵਿਜੀਲੈਂਸ ਜਾਂਚ ਦੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਵਿਜੀਲੈਂਸ ਬਿਊਰੋ ਰੇਂਜ ਦੇ ਪੁਲਿਸ ਥਾਣਾ ਮੋਹਾਲੀ ਵਿਖੇ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।