ਬਟਾਲਾ, 20 ਫਰਵਰੀ 2024 – ਪਿਛਲੇ ਇੱਕ ਹਫ਼ਤੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਹੁਣ ਭਾਜਪਾ ਦੇ ਸੀਨੀਅਰ ਲੀਡਰਾਂ ਦੇ ਘਰਾਂ ਦੇ ਬਾਹਰ ਧਰਨਾ ਦੇ ਰਹੀਆਂ ਹਨ। ਜਿਸ ਤਹਿਤ ਕਿਸਾਨਾਂ ਨੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਤੇ ਸਾਬਕਾ ਵਿਧਾਇਕ ਕਾਦੀਆਂ ਦੇ ਘਰ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਸਿਮਰਤ ਸਿੰਘ ਹੀਰਾ ਵਾਲੀਆ ਦੇ ਘਰ ਧਰਨਾ ਸ਼ੁਰੂ ਕਰ ਦਿੱਤਾ। ਜਿਸ ਦੀ ਜਾਣਕਾਰੀ ਕਿਸਾਨ ਜਥੇਬੰਦੀਆਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਪੋਸਟ ਵਾਇਰਲ ਕਰਕੇ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਕਰਕੇ ਸਾਬਕਾ ਵਿਧਾਇਕ ਫਤਿਹਜੰਗ ਬਾਜਵਾ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹੀਰਾ ਵਾਲੀਆ ਦੇ ਘਰ ਅੱਗੇ ਠੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ। ਸੋਮਵਾਰ ਦੇਰ ਸ਼ਾਮ ਵਾਇਰਲ ਕੀਤੀ ਪੋਸਟ ‘ਚ ਕਿਹਾ ਗਿਆ ਹੈ ਕਿ ਸੰਯੁਕਤ ਕਿਸਾਨ ਮੋਰਚਾ 20 ਤੋਂ 23 ਫਰਵਰੀ ਤੱਕ ਦਿਨ ਰਾਤ ਦਾ ਧਰਨਾ ਲਾਏਗਾ।
ਇਸ ਸਬੰਧੀ ਗੱਲ ਕਰਨ ‘ਤੇ ਹੀਰਾ ਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਇਹ ਸੂਚਨਾ ਮਿਲੀ। ਪੁਲਿਸ ਨੇ ਵੀ ਫੋਨ ਕਰਕੇ ਉਨ੍ਹਾਂ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮੰਗੀ ਸੀ। ਜਿਨ੍ਹਾਂ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ ਹੈ। 20 ਫਰਵਰੀ ਦਿਨ ਮੰਗਲਵਾਰ ਨੂੰ ਉਨ੍ਹਾਂ ਨੇ ਬਟਾਲਾ ਵਿੱਚ ਪੂਰਾ ਦਿਨ ਮੀਟਿੰਗਾਂ ਅਤੇ ਹੋਰ ਪ੍ਰੋਗਰਾਮ ਰੱਖੇ ਹੋਏ ਹਨ। ਭਾਵੇਂ ਪੁਲਿਸ ਨੇ ਉਨ੍ਹਾਂ ਦੇ ਦਫ਼ਤਰ ਦੇ ਸਾਹਮਣੇ ਸੁਰੱਖਿਆ ਵਧਾ ਦਿੱਤੀ ਹੈ ਪਰ ਮੈਂ ਕਹਿਣਾ ਚਾਹੁੰਦਾ ਹਾਂ ਕਿ ਪ੍ਰਦਰਸ਼ਨਕਾਰੀ ਕੋਈ ਅਜਨਬੀ ਨਹੀਂ ਹਨ ਅਤੇ ਨਾ ਹੀ ਸਾਡੇ ਤੋਂ ਵੱਖਰੇ ਹਨ, ਉਹ ਵੀ ਸਾਡੇ ਆਪਣੇ ਹਨ ਜੋ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਕੋਲ ਆਪਣੀਆਂ ਮੰਗਾਂ ਪੇਸ਼ ਕਰਨ ਲਈ ਕੋਈ ਵੀ ਮੁਜ਼ਾਹਰੇ ਦਾ ਰਾਹ ਅਪਣਾ ਸਕਦਾ ਹੈ।