ਬਠਿੰਡਾ, 21 ਅਗਸਤ 2022 – ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਲੋਕਾਂ ਨੂੰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਕੀਤੀ ਗਈ ਸੀ। ਕਲੀਨਿਕ ਸ਼ੁਰੂ ਹੋਣ ਦੇ ਪੰਜ ਦਿਨਾਂ ਬਾਅਦ ਬਠਿੰਡਾ ਜ਼ਿਲ੍ਹੇ ਦੇ ਦੋ ਕਲੀਨਿਕਾਂ ਤੋਂ ਇੱਕ ਡਾਕਟਰ ਅਤੇ ਦੋ ਫਾਰਮਾਸਿਸਟਾਂ ਨੇ ਅਸਤੀਫ਼ਾ ਦੇ ਦਿੱਤਾ ਹੈ।
ਡਾਕਟਰਾਂ ਅਤੇ ਫਾਰਮਾਸਿਸਟਾਂ ਨੇ ਆਪਣੇ ਅਸਤੀਫੇ ਸਿਹਤ ਵਿਭਾਗ ਨੂੰ ਭੇਜ ਦਿੱਤੇ ਹਨ। ਹਾਲਾਂਕਿ ਵਿਭਾਗ ਨੂੰ ਭੇਜੇ ਗਏ ਅਸਤੀਫ਼ੇ ਵਿੱਚ ਨੌਕਰੀ ਛੱਡਣ ਦਾ ਕਾਰਨ ਨਹੀਂ ਦੱਸਿਆ ਗਿਆ ਹੈ।
ਸਿਹਤ ਵਿਭਾਗ ਦੇ ਅਧਿਕਾਰੀ ਸੋਮਵਾਰ ਨੂੰ ਉਨ੍ਹਾਂ ਸਟਾਫ਼ ਮੈਂਬਰਾਂ ਨਾਲ ਇੱਕ ਵਾਰ ਗੱਲਬਾਤ ਕਰਨਗੇ, ਜਿਨ੍ਹਾਂ ਨੇ ਸਿਹਤ ਵਿਭਾਗ ਨੂੰ ਅਸਤੀਫ਼ੇ ਭੇਜੇ ਹਨ, ਤਾਂ ਜੋ ਇਸ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਜੇਕਰ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਂਦੇ ਤਾਂ ਉਨ੍ਹਾਂ ਨੂੰ ਮਨਜ਼ੂਰੀ ਲਈ ਉੱਚ ਅਧਿਕਾਰੀਆਂ ਕੋਲ ਭੇਜ ਦਿੱਤਾ ਜਾਵੇਗਾ ਪਰ ਆਮ ਆਦਮੀ ਕਲੀਨਿਕ ਦੇ ਸਟਾਫ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀਆਂ ਦੀਆਂ ਚਿੰਤਾਵਾਂ ਵਧ ਗਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੀ ਰਾਮਾ ਮੰਡੀ ਅਤੇ ਤਲਵੰਡੀ ਸਾਬੋ ਸਥਿਤ ਆਮ ਆਦਮੀ ਮੁਹੱਲਾ ਕਲੀਨਿਕ ਦੇ ਇੱਕ ਡਾਕਟਰ ਅਤੇ ਸ਼ਹਿਰ ਦੇ ਊਧਮ ਸਿੰਘ ਨਗਰ ਮੁਹੱਲਾ ਕਲੀਨਿਕ ਦੇ ਦੋ ਫਾਰਮਾਸਿਸਟਾਂ ਨੇ ਕੁਝ ਕਾਰਨਾਂ ਕਰਕੇ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਦੀ ਪੁਸ਼ਟੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਸੁਖਜਿੰਦਰ ਸਿੰਘ ਨੇ ਕੀਤੀ ਹੈ। ਹਾਲਾਂਕਿ ਅਸਤੀਫਾ ਦੇਣ ਦੇ ਕਾਰਨ ਬਾਰੇ ਅਧਿਕਾਰਤ ਤੌਰ ‘ਤੇ ਕੁਝ ਨਹੀਂ ਕਿਹਾ ਜਾ ਰਿਹਾ ਹੈ।
ਦੱਸ ਦੇਈਏ ਕਿ ਮੁਹੱਲਾ ਕਲੀਨਿਕਾਂ ਵਿੱਚ ਰੱਖੇ ਸਟਾਫ਼ ਨੂੰ ਪੰਜਾਬ ਸਰਕਾਰ ਵੱਲੋਂ ਠੇਕੇ ’ਤੇ ਭਰਤੀ ਕੀਤਾ ਗਿਆ ਹੈ। ਇਸ ਤਹਿਤ ਮੈਡੀਕਲ ਅਫ਼ਸਰ ਨੂੰ ਪ੍ਰਤੀ ਮਰੀਜ਼ 50 ਰੁਪਏ ਅਤੇ ਫਾਰਮਾਸਿਸਟ ਨੂੰ 12 ਰੁਪਏ ਪ੍ਰਤੀ ਮਰੀਜ਼ ਦੇਣੇ ਪੈਂਦੇ ਹਨ। ਜੇਕਰ ਇੱਕ ਦਿਨ ਵਿੱਚ 50 ਤੋਂ ਵੱਧ ਮਰੀਜ਼ਾਂ ਦਾ ਚੈਕਅੱਪ ਕੀਤਾ ਜਾਵੇ ਤਾਂ ਉਨ੍ਹਾਂ ਨੂੰ ਪੂਰੇ ਦਿਨ ਦੇ ਹਿਸਾਬ ਨਾਲ ਪੈਸੇ ਮਿਲਣੇ ਹਨ।