ਨਵਾਂ ਸ਼ਹਿਰ 19 ਫਰਵਰੀ,2025 – ਸ਼ਹੀਦ ਭਗਤ ਸਿੰਘ ਨਗਰ ਦੇ ਨਵੇਂ ਸਿਵਲ ਸਰਜਨ ਡਾ. ਬਲਬੀਰ ਸਿੰਘ (ਵਾਧੂ ਚਾਰਜ) ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਸਹਾਇਕ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰ ਬੰਗਾ ਸਮੇਤ ਵੱਖ-ਵੱਖ ਉੱਚ ਅਹੁਦਿਆਂ ‘ਤੇ ਆਪਣੀਆਂ ਬਿਹਤਰੀਨ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ, ਜ਼ਿਲ੍ਹਾ ਐਪੀਡੀਮੋਲੋਜਿਸਟ ਸ਼ਿਆਮਾਵੇਦ ਦੇਵੀ, ਸੁਪਰਡੈਂਟ ਦਰਬਾਰਾ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਪੀਏ ਅਜੇ ਕੁਮਾਰ ਤੇ ਬਲਾਕ ਐਕਸਟੈਂਸ਼ਨ ਐਜੂਕੇਟਰ ਹਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਵੇਂ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੂੰ ਜੀ ਆਇਆ ਕਹਿੰਦਿਆਂ ਸਮੁੱਚੇ ਸਟਾਫ ਵੱਲੋਂ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਜ਼ਿਲ੍ਹੇ ਵਿੱਚ ਨਿੱਘਾ ਸੁਆਗਤ ਕੀਤਾ।
ਅੱਜ ਬਤੌਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲਣ ਉਪਰੰਤ ਡਾ. ਬਲਬੀਰ ਕੁਮਾਰ ਨੇ ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਆਪਣੀ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣਾ ਕੰਮ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕਰਨ ਲਈ ਹਦਾਇਤ ਕੀਤੀ। ਡਾ. ਕੁਮਾਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਨੂੰ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਨੂੰ ਯਕੀਨੀ ਬਣਾਉਣ ਅਤੇ ਸਾਰੇ ਸਿਹਤ ਪ੍ਰੋਗਰਾਮਾਂ ਸਬੰਧੀ ਦਿੱਤੇ ਟੀਚੇ ਮਿੱਥੇ ਸਮੇਂ ਅਨੁਸਾਰ ਪੂਰੇ ਕਰਨੇ ਯਕੀਨੀ ਬਣਾਉਣ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿਚ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪੂਰੇ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।

ਡਾ. ਬਲਬੀਰ ਕੁਮਾਰ ਨੇ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਂ ਸ਼ਹੀਦ-ਏ-ਆਜਮ ਸ. ਭਗਤ ਸਿੰਘ ਦੀ ਧਰਤੀ ‘ਤੇ ਆਪਣੀਆਂ ਸੇਵਾਵਾਂ ਦੇ ਰਿਹਾ ਹਾਂ। ਉਨ੍ਹਾਂ ਕਿਹਾ ਕਿ ਉਹ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਬਿਹਤਰ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਉਣ, ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ, ਸੁਰੱਖਿਅਤ ਜਣੇਪਿਆਂ ਨੂੰ ਯਕੀਨੀ ਬਣਾਉਣ, ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਪੰਜ ਲੱਖ ਰੁਪਏ ਦੇ ਮੁਫਤ ਇਲਾਜ ਦੀ ਸਹੂਲਤ ਦਿਵਾਉਣ, ਅਨੀਮੀਆ ਮੁਕਤ ਅਭਿਆਨ ਦੇ ਸੁਪਨੇ ਨੂੰ ਸਾਕਾਰ ਕਰਨ, ਨਸ਼ਾ ਰੋਗੀਆਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢ ਕੇ ਸਮਾਜ ਦੀ ਮੁੱਖਧਾਰਾ ਵਿਚ ਸ਼ਾਮਲ ਕਰਨ ਤੇ ਮਿਲਾਵਟਖੋਰੀ ਨੂੰ ਨੱਥ ਪਾ ਕੇ ਲੋਕਾਂ ਨੂੰ ਮਿਲਾਵਟ ਰਹਿਤ ਤੇ ਸ਼ੁੱਧ ਖਾਣ ਪੀਣ ਦੀਆਂ ਵਸਤਾਂ ਮੁਹੱਈਆ ਕਰਵਾਉਣ ਸਮੇਤ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਨੂੰ ਤਰਜ਼ੀਹ ਦੇਣਗੇ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਪਹਿਲਾਂ ਹੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਿਹਾ ਹੈ ਅਤੇ ਉਨ੍ਹਾਂ ਦੀ ਵੀ ਇਹ ਕੋਸ਼ਿਸ਼ ਹੋਵੇਗੀ ਕਿ ਹਰੇਕ ਤਰ੍ਹਾਂ ਦੀ ਸਿਹਤ ਸਹੂਲਤ ਮੁਹੱਈਆ ਕਰਵਾਉਣ ਵਿਚ ਸ਼ਹੀਦ ਭਗਤ ਸਿੰਘ ਨਗਰ ਪੂਰੇ ਸੂਬੇ ਵਿੱਚ ਮੋਹਰਲੀ ਕਤਾਰ ਵਿੱਚ ਸ਼ਾਮਲ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਮੁਫਤ ਦਵਾਈਆਂ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਜਾਣ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਦਫਤਰ ਵਿਖੇ ਕੰਮ ਲਈ ਆਉਣ ਵਾਲੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇਗਾ।
