- ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ
ਚੰਡੀਗੜ੍ਹ, 12 ਅਪ੍ਰੈਲ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਸਥਿਤ ਆਪਣੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।
ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 34 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀ ਜੀ.ਰਾਮੇਸ਼ ਕੁਮਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਅਤੇ ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।