ਮੋਹਾਲੀ, 31 ਅਕਤੂਬਰ 2023 – ਦਿੱਲੀ ਦੀ ਸ਼ਰਾਬ ਨੀਤੀ ਵਿੱਚ ਘਪਲੇ ਦੇ ਮਾਮਲੇ ਵਿੱਚ ਈਡੀ ਵੱਲੋਂ ਬੀਤੇ ਦਿਨ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਮੰਗਲਵਾਰ ਸਵੇਰੇ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ ਹੈ।
ਦਿੱਲੀ ਤੋਂ ਆਈਆਂ ਈ.ਡੀ. ਦੀਆਂ ਟੀਮਾਂ ਨੇ ਅੱਜ ਸਵੇਰੇ ਕੁਲਵੰਤ ਸਿੰਘ ਦੇ ਸੈਕਟਰ 71 ਸਥਿਤ ਘਰ ਅਤੇ ਸੈਕਟਰ 82 ਸਥਿਤ ਦਫ਼ਤਰ ਸਣੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਸ਼ੁਰੂ ਕਰਦਿਆਂ ਜਾਂਚ ਸ਼ੁਰੂ ਕੀਤੀ ਹੈ। ਅਜੇ ਇਹ ਗੱਲ ਸਪਸ਼ਟ ਤੌਰ ’ਤੇ ਸਾਹਮਣੇ ਨਹੀਂ ਆਈ ਹੈ ਕਿ ਕੁਲਵੰਤ ਸਿੰਘ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਿਸ ਦੋਸ਼ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਗਵਰਨਰ ਬਨਵਾਰੀ ਲਾਲਾ ਪੁਰੋਹਿਤ ਨੇ ਕੁਲਵੰਤ ਸਿੰਘ ਦੇ ਇੱਕ ਪ੍ਰੋਜੈਕਟਸ ਨੂੰ ਲੈ ਕੇ ਵੀ ਸਵਾਲ ਉਠਾਏ ਹਨ ਅਤੇ ਉਸ ਬਾਰੇ ਕਾਰਵਾਈ ਲਈ ਕੇਂਦਰ ਨੂੰ ਲਿਖਿਆ ਸੀ।
ਬੀਤੇ ਦਿਨ ਈਡੀ ਨੇ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਘਪਲੇ ਦੇ ਮਾਮਲੇ ਵਿੱਚ ਸੀਐਮ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮੁੱਖ ਮੰਤਰੀ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪਰੈਲ ਮਹੀਨੇ ‘ਚ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ।