- ਕੇਸਾਂ ਅਤੇ ਗ੍ਰਿਫਤਾਰੀਆਂ ਦਾ ਦੌਰ ਜਾਰੀ ਹੈ
ਚੰਡੀਗੜ੍ਹ, 6 ਦਸੰਬਰ 2022 – ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਸੱਤਾ ਸੰਭਾਲੀ ਹੈ, ਕਾਂਗਰਸ ਦੇ ਸਾਰੇ ਵੱਡੇ ਸਾਬਕਾ ਮੰਤਰੀਆਂ ਲਈ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਅਤੇ ਕਾਂਗਰਸ ਦੇ ਕਾਰਜਕਾਲ ਦੇ ਘਪਲਿਆਂ ਦੇ ਸਬੰਧ ਵਿੱਚ ਕੇਸ ਦਰਜ ਕਰਕੇ ਵੱਡੇ ਕਾਂਗਰਸੀ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਜੁਟੀ ਹੋਈ ਹੈ। ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੇ ਦੋਸ਼ੀ ਕਾਂਗਰਸ ਦੇ ਹਰ ਸਾਬਕਾ ਮੰਤਰੀ ਨੂੰ ਜਾਂਚ ਦੇ ਘੇਰੇ ਵਿੱਚ ਲਿਆਂਦਾ ਜਾ ਰਿਹਾ ਹੈ।
ਪੰਜਾਬ ਵਿਜੀਲੈਂਸ ਨੇ ਹੁਣ ਤੱਕ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਹੈ, ਹੁਣ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਕਾਰਨ ਕਾਂਗਰਸ ਦੇ ਸਾਰੇ ਸਾਬਕਾ ਮੰਤਰੀਆਂ ਵਿੱਚ ਡਰ ਬਣਿਆ ਹੋਇਆ ਹੈ ਕਿ ਅੱਗੇ ਕਿਸ ਦਾ ਨੰਬਰ ਹੋਵੇਗਾ। ਵਿਜੀਲੈਂਸ ਨੇ ਕਈ ਮੰਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਕਈ ਜੇਲ੍ਹ ਵਿੱਚ ਹਨ ਅਤੇ ਕਈ ਜ਼ਮਾਨਤ ’ਤੇ ਬਾਹਰ ਹਨ।
ਇਨ੍ਹਾਂ ਤੋਂ ਇਲਾਵਾ ਵਿਜੀਲੈਂਸ ਨੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਹੋਏ ਸਿੰਚਾਈ ਘੁਟਾਲੇ ਦੇ ਸਬੰਧ ਵਿੱਚ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਅਤੇ ਸਾਬਕਾ ਆਈਏਐਸ ਕਾਹਨ ਸਿੰਘ ਪੰਨੂ ਤੋਂ ਪੁੱਛਗਿੱਛ ਕੀਤੀ ਹੈ। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਅਤੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਜਨਮੇਜਾ ਸਿੰਘ ਸੇਖੋਂ ਨੂੰ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜੇ ਗਏ ਹਨ।
ਪੰਜਾਬ ਵਿਜੀਲੈਂਸ ਵੱਲੋਂ ਉਨ੍ਹਾਂ ਸਾਰੇ ਪੁਰਾਣੇ ਕੇਸਾਂ ਅਤੇ ਘੁਟਾਲਿਆਂ ਦੀ ਆਨ-ਰਿਕਾਰਡ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਹਨ। ਇਨ੍ਹਾਂ ਵਿੱਚ ਆਈਏਐਸ ਅਫਸਰਾਂ ਤੋਂ ਲੈ ਕੇ ਕਾਂਗਰਸੀ ਨੇਤਾਵਾਂ ਤੱਕ ਰਿਸ਼ਵਤ ਲੈਣ ਦੇ ਮਾਮਲੇ, ਜ਼ਮੀਨ ਘੁਟਾਲੇ ਤੋਂ ਲੈ ਕੇ ਅਨਾਜ ਦੀ ਢੋਆ-ਢੁਆਈ ਦੇ ਟੈਂਡਰ, ਸਿੰਚਾਈ ਘੁਟਾਲੇ, ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਅਤੇ ਜੰਗਲ ਘੁਟਾਲੇ ਦੇ ਮਾਮਲੇ ਸ਼ਾਮਲ ਹਨ।
ਵਿਜੀਲੈਂਸ ਦੀਆਂ ਵੱਖ-ਵੱਖ ਜਾਂਚ ਟੀਮਾਂ ਕਾਂਗਰਸ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਹੋਏ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦੇ ਸਾਰੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਿੱਚ ਲੱਗੀਆਂ ਹੋਈਆਂ ਹਨ। ਇਸ ਤਹਿਤ ਦਸਤਾਵੇਜ਼ੀ ਸਬੂਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ, ਤਾਂ ਜੋ ਅਦਾਲਤ ਵਿਚ ਦੋਸ਼ ਵੀ ਸਾਬਤ ਕੀਤੇ ਜਾ ਸਕਣ। ਕਈ ਮਹੀਨੇ-ਸਾਲ ਪੁਰਾਣੇ ਮਾਮਲਿਆਂ ਵਿੱਚ ਵੀ ਸ਼ਿਕਾਇਤਾਂ ਦੇ ਆਧਾਰ ’ਤੇ ਹੀ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।