ਪੰਜਾਬ ‘ਚ ਫਰਜ਼ੀ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀਆਂ ਹੋਣਗੀਆਂ ਬੰਦ: ਕਾਗਜ਼ਾਂ ਦੀ ਪੜਤਾਲ ਕਰਨ ਦੇ ਨਿਰਦੇਸ਼

  • ਕੈਨੇਡਾ ਤੋਂ ਵਿਦਿਆਰਥੀਆਂ ਦੇ ਡਿਪੋਰਟ ਹੋਣ ਦੇ ਖਤਰੇ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ
  • ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼
  • 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਐਨ.ਆਰ.ਆਈ ਮਿਲਣੀਆਂ
  • ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਸ਼ਿਕਾਇਤਾਂ 30 ਜੂਨ ਤੱਕ ਨਿਪਟਾਉਣ ਦੇ ਸਖਤ ਆਦੇਸ਼
  • 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ

ਚੰਡੀਗੜ੍ਹ, 9 ਜੂਨ 2023 – ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਦੇ ਖਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ‘ਤੇ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਕੁਲਦੀਪ ਧਾਲੀਵਾਲ ਨੇ ਮੰਨਿਆ ਹੈ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਲੋਕ ਠੱਗ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹੁੰਦੇ ਰਹਿੰਦੇ ਹਨ ਅਤੇ ਕਈਆਂ ਦਾ ਇੱਥੇ ਹੀ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰਕੇ 10 ਜੁਲਾਈ ਤੱਕ ਰਿਪੋਰਟ ਪੇਸ਼ ਕਰਨ।

ਮੰਤਰੀ ਧਾਲੀਵਾਲ ਨੇ ਪੰਜਾਬ ਵਿੱਚ ਕਈ ਟਰੈਵਲ ਏਜੰਟਾਂ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦਾ ਕੰਮ ਕਰਨ ‘ਤੇ ਚਿੰਤਾ ਪ੍ਰਗਟਾਈ।

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸੀ.ਐਮ.ਭਗਵੰਤ ਮਾਨ ਨੇ ਸਿਸਟਮ ਨੂੰ ਸੁਧਾਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਣਾਲੀ ਨਾਲ ਧੋਖਾਧੜੀ ਅਤੇ ਜਾਅਲਸਾਜ਼ੀ ਦੀ ਗੁੰਜਾਇਸ਼ ਨਾਂਹ ਦੇ ਬਰਾਬਰ ਰਹੇਗੀ। ਉਨ੍ਹਾਂ ਪੰਜਾਬ ਵਿੱਚ ਠੱਗਾਂ ਅਤੇ ਫਰਜ਼ੀ ਟਰੈਵਲ ਏਜੰਟਾਂ/ਇਮੀਗ੍ਰੇਸ਼ਨ ਏਜੰਸੀਆਂ ਵਿਰੁੱਧ ਜਲਦੀ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੀ ਗੱਲ ਕਹੀ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਜੇਕਰ ਕਿਸੇ ਪਰਵਾਸੀ ਪੰਜਾਬੀ ਨੂੰ ਜਾਣਬੁੱਝ ਕੇ ਝੂਠੇ ਕੇਸਾਂ ਵਿੱਚ ਫਸਾਇਆ ਗਿਆ ਹੈ ਜਾਂ ਝੂਠੇ ਕੇਸ ਦਰਜ ਕੀਤੇ ਗਏ ਹਨ ਤਾਂ ਅਜਿਹੇ ਮਾਮਲੇ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਉਣੇ ਚਾਹੀਦੇ ਹਨ। ਉਨ੍ਹਾਂ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ।

ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਪਿੰਡਾਂ ਵਿੱਚ ਐਨਆਰਆਈ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀ ਐਨ.ਆਰ.ਆਈ ਮੀਟਿੰਗ ਪ੍ਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਦਾ ਖੁੱਲ੍ਹਾ ਸੱਦਾ ਹੈ। ਹਰ ਪ੍ਰਵਾਸੀ ਦੀ ਸਮੱਸਿਆ ਨੂੰ ਮੌਕੇ ‘ਤੇ ਹੀ ਹੱਲ ਕਰਨ ਦੇ ਯਤਨ ਕੀਤੇ ਜਾਣਗੇ।

ਉਨ੍ਹਾਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਹਰ ਕੀਮਤ ‘ਤੇ ਨਿਪਟਾਰਾ ਕੀਤਾ ਜਾਵੇ। ਐਨਆਰਆਈ ਮਿਲਨੀ ਵਿੱਚ ਹੁਣ ਤੱਕ ਪ੍ਰਾਪਤ ਹੋਈਆਂ ਕੁੱਲ 609 ਸ਼ਿਕਾਇਤਾਂ ਵਿੱਚੋਂ 522 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦੋਂ ਕਿ 87 ਕੇਸ ਪੈਂਡਿੰਗ ਹਨ।

ਮੰਤਰੀ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸੀ.ਐਮ.ਭਗਵੰਤ ਮਾਨ ਜਲਦ ਹੀ ਐਨ.ਆਰ.ਆਈ ਵਿਭਾਗ ਦੀ ਨਵੀਂ ਵੈੱਬਸਾਈਟ ਨੂੰ ਹੋਰ ਸਹੂਲਤਾਂ ਨਾਲ ਲਾਂਚ ਕਰਨਗੇ।

ਇਹ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਸਨ
ਮੀਟਿੰਗ ਵਿੱਚ ਐਨਆਰਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕਮਲ ਪ੍ਰੀਤ ਬਰਾੜ, ਜਲੰਧਰ ਡਿਵੀਜ਼ਨ ਦੇ ਕਮਿਸ਼ਨਰ-ਕਮ-ਚੇਅਰਪਰਸਨ ਐਨਆਰਆਈ ਸਭਾ ਜਲੰਧਰ ਗੁਰਪ੍ਰੀਤ ਕੌਰ ਸਪਰਾ, ਏਡੀਜੀਪੀ ਐਨਆਰਆਈ ਵਿੰਗ ਪ੍ਰਵੀਨ ਕੇ ਸਿਨਹਾ ਅਤੇ ਸਾਰੇ ਜ਼ਿਲ੍ਹਿਆਂ ਦੇ ਨੋਡਲ ਅਫਸਰ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

DGP ਪੱਧਰ ਦੇ 4 ਅਫਸਰਾਂ ਸਮੇਤ 7 IPS ਅਫ਼ਸਰਾਂ ਦੀ ਬਦਲੀ

CM ਮਾਨ ਅੱਜ ਪਹੁੰਚਣਗੇ ਸੰਗਰੂਰ: ਜੇਲ੍ਹ ਵਾਰਡਨ ਦੀ ਪਾਸਿੰਗ ਆਊਟ ਪਰੇਡ ਚ ਕਰਨਗੇ ਸ਼ਿਰਕਤ