ਸ਼ੰਭੂ ਬਾਰਡਰ, 16 ਨਵੰਬਰ 2024 – ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨ ਆਗੂਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। 26 ਨਵੰਬਰ ਨੂੰ ਕਿਸਾਨ ਆਗੂ ਅਣਮਿੱਥੇ ਸਮੇਂ ਲਈ ਖਨੌਰੀ ਬਾਰਡਰ ‘ਤੇ ਭੁੱਖ ਹੜਤਾਲ ਲਈ ਬੈਠਣਗੇ। ਐੱਮ. ਐੱਸ. ਪੀ. ਦੀ ਲੀਗਲ ਗਾਰੰਟੀ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਜਗਜੀਤ ਸਿੰਘ ਡੱਲੇਵਾਲ ਵੀ ਭੁੱਖ ਹੜਤਾਲ ‘ਤੇ ਬੈਠਣਗੇ।
ਅੱਜ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵੱਲੋਂ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਨੇ ਵੱਡਾ ਐਲਾਨ ਕੀਤਾ ਕਿ ਉਹ ਖਨੌਰੀ ਸਰਹੱਦ ’ਤੇ 26 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਬੈਠਣਗੇ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਇਸ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਤਾਂ ਉਨ੍ਹਾਂ ਦਾ ਅੰਤਿਮ ਸਸਕਾਰ ਨਾ ਕੀਤਾ ਜਾਵੇ ਅਤੇ ਉਸ ਦਿਨ ਹੀ ਦੂਜਾ ਕਿਸਾਨ ਆਗੂ ਭੁੱਖ ਹੜਤਾਲ ’ਤੇ ਬੈਠ ਜਾਵੇ ਅਤੇ ਉਨ੍ਹਾਂ ਦਾ ਸਰੀਰ ਉਥੇ ਰੱਖ ਕੇ ਅੰਦੋਲਨ ਜਾਰੀ ਰੱਖਿਆ ਜਾਵੇ ਅਤੇ ਇਹ ਲੜੀ ਇੰਝ ਹੀ ਚੱਲਦੀ ਰਹੇਗੀ। ਇਸ ਮੌਕੇ ਸੁਰਿੰਦਰ ਸਿੰਘ ਮੋਹਾਲੀ, ਦਰਸ਼ਨ ਸਿੰਘ ਔਲਖ, ਦਾਸਿੰਦਰ ਸਿੰਘ ਭੰਗੂ, ਲਖਵਿੰਦਰ ਸਿੰਘ ਔਲਖ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਤੇਜਿੰਦਰ ਸਿੰਘ ਤੇਜੀ ਆਦਿ ਮੌਜੂਦ ਸਨ।