-ਕਿਹਾ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਜਾਣਬੁੱਝ ਕੇ ਮੁਸ਼ਕਿਲਾਂ ਪੈਦਾ ਕਰ ਰਹੀ ਹੈ ਕੇਂਦਰ ਸਰਕਾਰ
-ਸਿਹਤ ਮੰਤਰੀ ਨੇ ਨਵਾਂਸ਼ਹਿਰ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ
ਨਵਾਂਸ਼ਹਿਰ 26 ਅਕਤੂਬਰ ,2024 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਵਾਂਸ਼ਹਿਰ ਅਨਾਜ ਮੰਡੀ ਦਾ ਅਚਨਚੇਤ ਦੌਰਾ ਕਰਕੇ ਖਰੀਦ ਅਤੇ ਲਿਫਟਿੰਗ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਉੱਤੇ ਦਬਾਅ ਬਣਾ ਰਹੀ ਹੈ ਤਾਂ ਕਿ ਕਿਸਾਨਾਂ ਦੀ ਸੋਨੇ ਵਰਗੀ ਫ਼ਸਲ ਖਰੀਦਣ ਮਗਰੋਂ ਮੰਡੀਆਂ ਵਿਚੋਂ ਲਿਫਟਿੰਗ ਵੀ ਨਾਲੋ-ਨਾਲ ਕੀਤੀ ਜਾ ਸਕੇ।
ਸਿਹਤ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਖ਼ਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਖ਼ੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸਮੇਤ ਸੂਬੇ ਦੇ ਸਾਰੇ ਮੰਤਰੀ ਅਤੇ ਐਮ.ਐਲ.ਏਜ਼ ਮੰਡੀਆਂ ਵਿਚ ਪੁੱਜੇ ਹੋਏ ਹਨ ਅਤੇ ਕਿਸਾਨਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਸਮੇਤ ਆੜ੍ਹਤੀਏ, ਲੇਬਰ, ਸ਼ੈਲਰ ਮਿਲਰਜ਼ ਤੇ ਟਰਾਂਸਪੋਰਟਰ ਸਾਡੀ ਰੀੜ੍ਹ ਦੀ ਹੱਡੀ ਹਨ ਪਰ ਮੋਦੀ ਸਰਕਾਰ ਮੰਡੀਕਰਨ ਸਿਸਟਮ ਦੀ ਦੁਸ਼ਮਣ ਬਣਕੇ ਇਨ੍ਹਾਂ ਨੂੰ ਰੋਲਣ ‘ਤੇ ਲੱਗੀ ਹੋਈ ਹੈ ਤੇ ਜਾਣਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ, ਤਾਂ ਜੋ ਆੜ੍ਹਤੀਏ ਸੈਲਰ ਮਾਲਕ, ਕਿਸਾਨ ਅਤੇ ਮਜ਼ਦੂਰ ਆਪਸ ਵਿਚ ਉਲਝ ਜਾਣ। ਪਰੰਤੂ ਪੰਜਾਬ ਦੇ ਸੂਝਵਾਨ ਲੋਕ ਇਸ ਗੱਲ ਨੂੰ ਪੂਰੀ ਤਰ੍ਹਾਂ ਸਮਝਦੇ ਹਨ ਅਤੇ ਅਜਿਹੀਆਂ ਚਾਲਾਂ ਵਿੱਚ ਨਹੀਂ ਆਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ, ਪਰੰਤੂ ਕੇਂਦਰ ਸਰਕਾਰ ਇਹ ਦੱਸੇ ਕਿ ਉਸ ਨੇ ਪੰਜਾਬ ਵਿਚ ਖੇਤੀ ਨਾਲ ਸਬੰਧਿਤ ਕਿਹੜੀ ਇੰਡਸਟਰੀ ਲਿਆਂਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਥੇ ਆੜ੍ਹਤ ਰੋਕੀ ਹੋਈ ਹੈ, ਉਥੇ ਪੰਜਾਬ ਮੰਡੀ ਬੋਰਡ ਦੇ ਪੈਸੇ ਵੀ ਰੋਕੇ ਹੋਏ ਹਨ। ਉਸ ਵੱਲੋਂ ਪੰਜਾਬ ਦੇ ਸ਼ੈਲਰਾਂ ਤੇ ਗੁਦਾਮਾਂ ਵਿਚ ਪਿਆ ਅਨਾਜ ਨਹੀਂ ਚੁੱਕਿਆ ਗਿਆ, ਜਿਸ ਕਾਰਨ ਮੰਡੀਆਂ ਵਿਚ ਇਹ ਹਾਲਾਤ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੰਜਾਬ ਨਾਲ ਮਤਰੇਈ ਮਾਂ ਵਾਲੇ ਸਲੂਕ ਕਰਕੇ ਸੋਨੇ ਵਰਗੀ ਫ਼ਸਲ ਲੈ ਕੇ ਮੰਡੀਆਂ ਵਿਚ ਪਹੁੰਚੇ ਕਿਸਾਨ ਪ੍ਰੇਸ਼ਾਨ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਪੂਰਾ ਜ਼ੋਰ ਲਗਾ ਕੇ ਇਹ ਸਮੱਸਿਆ ਹੱਲ ਕਰ ਲਈ ਗਈ ਹੈ ਅਤੇ ਮੰਡੀਆਂ ਵਿਚ ਇਸ ਸਮੇਂ ਖਰੀਦ ਅਤੇ ਲਿਫਟਿੰਗ ਦਾ ਕੰਮ ਪੂਰੀ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਨਾਲੋ-ਨਾਲ ਅਦਾਇਗੀ ਵੀ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਤਿੰਨ- ਚਾਰ ਦਿਨਾਂ ਤੱਕ ਲਿਫਟਿੰਗ ਦਾ ਕੰਮ ਪੂਰੀ ਲੀਹ ‘ਤੇ ਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਸੁਚੱਜੀ ਖ਼ਰੀਦ ਅਤੇ ਲਿਫਟਿੰਗ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਹਾਜ਼ਰ ਕਿਸਾਨਾਂ ਅਤੇ ਆੜਤੀਆਂ ਨਾਲ ਗੱਲਬਾਤ ਵੀ ਕੀਤੀ।
ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਐਸ.ਡੀ.ਐਮ ਡਾ. ਅਕਸ਼ਿਤਾ ਗੁਪਤਾ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ (ਬੱਲੂ), ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਗਗਨ ਅਗਨੀਹੋਤਰੀ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਨਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਰੁਪਿੰਦਰ ਮਿਨਹਾਸ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।