ਲੁਧਿਆਣਾ, 15 ਜੂਨ 2024 – ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਜਾਵੇਗਾ।
ਇਨ੍ਹਾਂ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਇਹ ਅਲਟੀਮੇਟਮ ਜਾਰੀ ਕੀਤਾ ਹੈ। ਇੱਕ ਸਾਲ ਵਿੱਚ ਤੀਜੀ ਵਾਰ ਟੋਲ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਮਹਿੰਗੇ ਟੋਲ ਨੂੰ ਲੈ ਕੇ ਲੋਕ ਨਾਰਾਜ਼ ਹਨ। ਇਸ ਸਮੇਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ NH-44 ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ। ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਹੈ।
ਇਸ ਦੇ ਬਾਵਜੂਦ NHAI ਇਸ ਦੀਆਂ ਦਰਾਂ ਘਟਾਉਣ ਦੀ ਬਜਾਏ ਹਰ ਸਾਲ ਵਧਾ ਰਹੀ ਹੈ। ਹੁਣ ਇਸ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਰੇਟ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇਕਰ ਟੋਲ ਦਰਾਂ ਨਾ ਘਟਾਈਆਂ ਗਈਆਂ ਤਾਂ ਐਤਵਾਰ ਨੂੰ ਧਰਨਾ ਦੇ ਕੇ ਲੋਕਾਂ ਦੇ ਵਾਹਨਾਂ ਨੂੰ ਮੁਫ਼ਤ ਵਿੱਚ ਲੰਘਾਇਆ ਜਾਵੇਗਾ।