ਚੰਡੀਗੜ੍ਹ, 18 ਸਤੰਬਰ 2024 – ਪੰਜਾਬ ਸਰਕਾਰ ਨੇ ਸੂਬੇ ਦੀ ਖੇਤੀਬਾੜੀ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ। ਪਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਇਸ ਖੇਤੀ ਨੀਤੀ ਖਰੜੇ ‘ਤੇ ਇਤਰਾਜ਼ ਜਤਾਇਆ ਹੈ। ਉਗਰਾਹਾਂ ਯੂਨੀਅਨ ਨੇ ਕਿਹਾ ਕਿ ਇਹ ਖੇਤੀਬਾੜੀ ਨੀਤੀ ਖਰੜਾ ਅੰਗਰੇਜ਼ੀ ‘ਚ ਤਿਆਰ ਕੀਤਾ ਗਿਆ ਹੈ, ਜੋ ਕਿ ਪੰਜਾਬੀ ‘ਚ ਜਾਰੀ ਕੀਤਾ ਜਾਵੇ ਤਾਂ ਜੋ ਆਮ ਕਿਸਾਨ ਵੀ ਇਸ ਖਰੜੇ ਨੂੰ ਪੜ੍ਹ ਸਕਣ। ਉਗਰਾਹਾਂ ਯੂਨੀਅਨ ਦਾ ਕਿਹਾ ਹੈ ਕਿ ਕਿਸਾਨਾਂ ਦਾ ਬਹੁਤ ਤਬਕਾ ਅੰਗਰੇਜ਼ੀ ਭਾਸ਼ਾ ਤੱਕ ਜ਼ਿਆਦਾ ਚੰਗੀ ਪਹੁੰਚ ਨਹੀਂ ਰੱਖਦਾ ਅਤੇ ਅੰਗਰੇਜ਼ੀ ‘ਚ ਤਿਆਰ ਕੀਤਾ ਖਰੜਾ ਇਨ੍ਹਾਂ ਕਿਸਾਨਾਂ ਦੀ ਸਮਝ ਤੋਂ ਬਾਹਰ ਹੈ। ਇਸ ਲਈ ਕਿਸਾਨਾਂ ਦੀ ਸਮਝ ਅਨੁਸਾਰ ਇਸ ਨੂੰ ਸਰਕਾਰ ਪੰਜਾਬੀ ‘ਚ ਜਾਰੀ ਕਰੇ।
ਦੱਸ ਦਈਏ ਕ ਇਸ ਖਰੜੇ ਨੂੰ ਸੂਬਾ ਸਰਕਾਰ ਨੇ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ (ਸਿਆਸੀ ਅਤੇ ਗੈਰ-ਸਿਆਸੀ) ਕੋਲ ਸੁਝਾਅ ਲਈ ਭੇਜਿਆ ਗਿਆ ਹੈ। ਸਰਕਾਰ ਵਲੋਂ ਸੂਬੇ ਦੇ ਕਿਸਾਨ ਸੰਗਠਨਾਂ ਦੇ ਨਾਲ ਪੰਜਾਬ ਦੀ ਖੇਤੀ ਨੀਤੀ ਦਾ ਖਰੜਾ ਸਾਂਝਾ ਕਰਦੇ ਹੋਏ ਉਨ੍ਹਾਂ ਦੇ ਸੁਝਾਅ ਮੰਗੇ ਗਏ ਹਨ। ਖੇਤੀ ਨੀਤੀ ਦਾ ਖਰੜਾ ਪਿਛਲੇ ਹਫ਼ਤੇ ਹੀ ਪੰਜਾਬ ਭਵਨ ‘ਚ ਸਰਕਾਰ ਅਤੇ ਕਿਸਾਨ ਸੰਗਠਨਾਂ ਵਿਚਕਾਰ ਹੋਈ ਬੈਠਕ ਦੌਰਾਨ ਤੈਅ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਦੇ ਸੁਝਾਅ ਆਉਣ ਮਗਰੋਂ ਹੀ ਸੂਬਾ ਸਰਕਾਰ ਵੱਲੋਂ ਖੇਤੀਬਾੜੀ ਨੀਤੀ ਨੂੰ ਅਮਲੀ ਰੂਪ ਦਿੱਤਾ ਜਾਵੇਗਾ।
ਇਹ ਨੀਤੀ ਪੰਜਾਬ ਰਾਜ ਕਿਸਾਨ ਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ 11 ਮੈਂਬਰੀ ਕਮੇਟੀ ਵੱਲੋਂ ਤਿਆਰ ਕੀਤੀ ਗਈ ਹੈ। ਇਸ ਨੀਤੀ ਨੂੰ ਪੰਜਾਬ ਦੇ ਇਕ ਲੱਖ ਤੋਂ ਵੱਧ ਲੋਕਾਂ ਦੇ ਸੁਝਾਵਾਂ ਨਾਲ ਤਿਆਰ ਕੀਤਾ ਗਿਆ ਹੈ।