ਚੰਡੀਗੜ੍ਹ, 4 ਦਸੰਬਰ 2022 – ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਭਰੋਸਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਠੋਸ ਸੂਚਨਾ ਹੈ ਕਿ ਬਰਾੜ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ। ਨਿਊਜ 18 ਹਿੰਦੀ ਦੀ ਰਿਪੋਰਟ ਮੁਤਾਬਿਕ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਦੀ ਹਵਾਲਗੀ ਦੀਆਂ ਕੋਸ਼ਿਸ਼ਾਂ ਦਰਮਿਆਨ ਐਫਬੀਆਈ ਨੇ ਭਾਰਤ ਦੇ ਵਿਦੇਸ਼ ਮੰਤਰਾਲੇ ਰਾਹੀਂ ਗੋਲਡੀ ਨਾਲ ਸਬੰਧਤ ਹੋਰ ਜਾਣਕਾਰੀ ਮੰਗੀ ਹੈ। ਇਸ ਨੂੰ ਗੋਲਡੀ ਬਰਾੜ ਨੂੰ ਜਲਦ ਹੀ ਭਾਰਤ ਲਿਆਉਣ ਦੀ ਪ੍ਰਕਿਰਿਆ ਨਾਲ ਜੋੜਿਆ ਜਾ ਰਿਹਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਸਾਜਿਸ਼ਕਾਰ ਗੋਲਡੀ ਨੂੰ ਅਮਰੀਕੀ ਏਜੰਸੀ ਨੇ ਕੈਲੀਫੋਰਨੀਆ ਵਿੱਚ ਫੜ ਲਿਆ ਹੈ। ਮੁੱਖ ਮੰਤਰੀ ਮਾਨ ਨੇ ਵੀ ਪੁਸ਼ਟੀ ਕੀਤੀ ਸੀ ਕਿ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇਗਾ।
ਐਫਬੀਆਈ ਨੇ ਗੈਂਗਸਟਰ ਤੋਂ ਕਾਫੀ ਸਮੇਂ ਤੱਕ ਪੁੱਛਗਿੱਛ ਵੀ ਕੀਤੀ ਹੈ। ਪੰਜਾਬ ਪੁਲਿਸ ਅਤੇ ਭਾਰਤ ਦੀਆਂ ਕੇਂਦਰੀ ਏਜੰਸੀਆਂ ਗੋਲਡੀ ਬਰਾੜ ਦੀ ਹਵਾਲਗੀ ਦੇ ਸਬੰਧ ਵਿੱਚ ਅਮਰੀਕੀ ਏਜੰਸੀ ਐਫਬੀਆਈ ਦੇ ਇਸ ਸੰਚਾਰ ਨੂੰ ਇੱਕ ਵੱਡੀ ਸਫਲਤਾ ਮੰਨ ਰਹੀਆਂ ਹਨ। ਉਹ 2017 ਤੋਂ ਕੈਨੇਡਾ ਵਿੱਚ ਸੀ ਅਤੇ ਹਾਲ ਹੀ ਵਿੱਚ ਕਾਨੂੰਨ ਤੋਂ ਬਚਣ ਅਤੇ ਵਿਰੋਧੀ ਗਰੋਹਾਂ ਦੇ ਡਰੋਂ ਅਮਰੀਕਾ ਚਲਾ ਗਿਆ ਸੀ। ਉਸ ਨੂੰ 20 ਨਵੰਬਰ ਦੇ ਕਰੀਬ ਹਿਰਾਸਤ ਵਿਚ ਲਿਆ ਗਿਆ ਸੀ। ਇਹ ਬਰਾੜ ਹੀ ਸੀ ਜਿਸ ਨੇ ਕਥਿਤ ਤੌਰ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ ਅਤੇ ਫੇਸਬੁੱਕ ਪੋਸਟ ਰਾਹੀਂ ਇਸ ਦੀ ਜ਼ਿੰਮੇਵਾਰੀ ਵੀ ਲਈ ਸੀ। ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਚੁੱਕੇ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ‘ਚ ਉਨ੍ਹਾਂ ਦੇ ਪਿੰਡ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਇਸ ਕਤਲਕਾਂਡ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਮੁਕਾਬਲੇ ਵਿੱਚ ਤਿੰਨ ਮੁਲਜ਼ਮ ਮਾਰੇ ਜਾ ਚੁੱਕੇ ਹਨ, ਜਦੋਂ ਕਿ 30 ਤੋਂ ਵੱਧ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਗੋਲਡੀ ਬਰਾੜ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦਾ ਮੈਂਬਰ ਹੈ। ਬਿਸ਼ਨੋਈ ਤਿਹਾੜ ਜੇਲ੍ਹ ਵਿੱਚ ਬੰਦ ਹੈ। ਗ੍ਰਿਫਤਾਰੀ ਤੋਂ ਬਚਣ ਲਈ ਬਰਾੜ ਕਦੇ ਕੈਨੇਡਾ ਤੇ ਕਦੇ ਅਮਰੀਕਾ ਤੇ ਹੋਰ ਦੇਸ਼ਾਂ ਵਿਚ ਲੁਕਿਆ ਰਿਹਾ। ਗੋਲਡੀ ਬਰਾੜ, ਜਿਸਦਾ ਪੂਰਾ ਨਾਮ ਸਤਿੰਦਰਜੀਤ ਸਿੰਘ ਹੈ, ਅਸਲ ਵਿੱਚ ਪੰਜ ਸਾਲ ਪਹਿਲਾਂ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਇਆ ਸੀ, ਜਿੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲਗਦੇ ਪੰਜਾਬ ਦੇ ਦੱਖਣੀ ਖੇਤਰ ਦੇ ਮੁਕਤਸਰ ਜ਼ਿਲ੍ਹੇ ਦੇ ਮੂਲ ਨਿਵਾਸੀ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਕਰੀਬ ਇੱਕ ਦਹਾਕਾ ਪਹਿਲਾਂ ਚੰਡੀਗੜ੍ਹ ਵਿੱਚ ਵਿਦਿਆਰਥੀ ਰਾਜਨੀਤੀ ਦੇ ਦਿਨਾਂ ਦੌਰਾਨ ਦੋਸਤ ਬਣ ਗਏ ਸਨ।
ਜਾਂਚ ਏਜੰਸੀਆਂ ਦਾ ਦਾਅਵਾ ਹੈ ਕਿ ਮਈ ਵਿੱਚ ਮੂਸੇਵਾਲਾ ਦੀ ਹੱਤਿਆ ਦੇ ਸਮੇਂ ਲਾਰੈਂਸ ਬਿਸ਼ਨੋਈ ਤਿਹਾੜ ਜੇਲ੍ਹ ਵਿੱਚ ਸੀ – ਜਿੱਥੋਂ ਉਹ ਆਪਣਾ ਗੈਂਗ ਚਲਾ ਰਿਹਾ ਸੀ। ਆਪਣੀ ਫੇਸਬੁੱਕ ਪੋਸਟ ਵਿੱਚ ਗੋਲਡੀ ਬਰਾੜ ਨੇ ਕਿਹਾ ਸੀ ਕਿ ਉਸ ਨੇ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਾਰਿਆ ਸੀ। ਮੂਸੇਵਾਜਾ ਦੇ ਪਿਤਾ ਬਲਕੌਰ ਸਿੰਘ ਨੇ ਹਾਲ ਹੀ ਵਿੱਚ ਬਰਾੜ ਨੂੰ ਫੜਨ ਵਿੱਚ ਮਦਦ ਕਰਨ ਲਈ 2 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਭਾਵੇਂ ਮੈਨੂੰ ਆਪਣਾ ਸਭ ਕੁਝ ਵੇਚਣਾ ਪਵੇ ਜਾਂ ਗਿਰਵੀ ਰੱਖਣਾ ਪਵੇ, ਮੈਂ ਉਸ ਵਿਅਕਤੀ ਨੂੰ ਭੁਗਤਾਨ ਕਰਾਂਗਾ ਜੋ ਮੇਰੇ ਪੁੱਤਰ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਨੂੰ ਫੜਾਏਗਾ
ਗੋਲਡੀ ਬਰਾੜ ‘ਤੇ ਸ਼ੁਰੂ ਹੋਈ ਸਿਆਸਤ
ਇਸ ਦੇ ਨਾਲ ਹੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਭਰੋਸਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਠੋਸ ਸੂਚਨਾ ਹੈ ਕਿ ਬਰਾੜ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸੀਐਮ ਮਾਨ ਦਾ ਬਿਆਨ ਗੁੰਮਰਾਹਕੁੰਨ ਹੈ। ਕੀ ਡੀਜੀਪੀ ਇਸ ਗੱਲ ਦੀ ਪੁਸ਼ਟੀ ਕਰਨਗੇ ਕਿ ਬਰਾੜ ਅਮਰੀਕਾ ਵਿੱਚ ਫੜਿਆ ਗਿਆ ਹੈ। ਜੇਕਰ ਉਹ ਸੱਚਮੁੱਚ ਫੜਿਆ ਗਿਆ ਹੈ ਤਾਂ ਇਸ ਨੂੰ ਜਨਤਕ ਕੀਤਾ ਜਾਵੇ।