- ਦਰਬਾਰ ਸਾਹਿਬ ‘ਚ ਵੱਡੀ ਗਿਣਤੀ ‘ਚ ਸੰਗਤ ਨਤਮਸਤਕ ਹੋਣ ਲਈ ਪਹੁੰਚ ਰਹੀ
ਅੰਮ੍ਰਿਤਸਰ, 16 ਸਤੰਬਰ 2023 – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ ਸਭਾ ਸੁਸਾਈਟੀਆਂ ਤੇ ਸੰਗਤਾਂ ਉਤਸ਼ਾਹ ਸਹਿਤ ਸ਼ਾਮਿਲ ਹੋ ਰਹੀਆਂ ਹਨ। ਇਹ ਨਗਰ ਕੀਰਤਨ ਕਰੀਬ ਦੋ ਘੰਟੇ ਬਾਅਦ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼ਨੀਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਦਿਨ ਡੇਢ ਲੱਖ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਦੀ ਸੰਭਾਵਨਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਵਿੱਚ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ।
ਪ੍ਰਕਾਸ਼ ਪੁਰਬ ਤੋਂ ਪਹਿਲਾਂ ਵੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਲਿਆਂਦੇ ਗਏ ਹਨ। ਇਹ ਫੁੱਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟ੍ਰੇਲੀਆ ਤੋਂ ਮੰਗਵਾਏ ਗਏ ਹਨ।
ਹਰਿਮੰਦਰ ਸਾਹਿਬ ਦੀ ਸਜਾਵਟ ਲਈ 100 ਕੁਇੰਟਲ ਤੋਂ ਵੱਧ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ 10 ਟਰੱਕਾਂ ਵਿੱਚ ਲੱਦ ਕੇ ਅੰਮ੍ਰਿਤਸਰ ਲਿਆਂਦਾ ਗਿਆ। ਕੇਵਲ ਹਰਿਮੰਦਰ ਸਾਹਿਬ ਹੀ ਨਹੀਂ, ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ‘ਤੇ ਰੱਖੇ ਗਏ ਅੰਮ੍ਰਿਤਸਰ ਹਵਾਈ ਅੱਡੇ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ।