ਜਲੰਧਰ, 14 ਜੁਲਾਈ 2024 – ਜਲੰਧਰ ਪੁਲਸ ਨੇ ਕੈਨੇਡਾ ‘ਚ ਲੁਕੇ ਹੋਏ ਲਖਬੀਰ ਸਿੰਘ ਉਰਫ ਲੰਡਾ ਦੇ 5 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਗਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਕਈ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਅਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਪੁਲਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਲੰਧਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦਾ ਨੈੱਟਵਰਕ ਤੋੜਨ ‘ਚ ਲੱਗੀ ਹੋਈ ਹੈ। ਪੁਲੀਸ ਨੇ 30 ਜੂਨ ਨੂੰ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਇਹ ਖੁਲਾਸਾ ਹੋਇਆ ਸੀ ਕਿ ਮੁਲਜ਼ਮ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਇਨ੍ਹਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ। ਇਸ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਈ ਰਾਜ਼ ਸਾਹਮਣੇ ਆਏ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਉਕਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।